ਚੰਡੀਗੜ੍ਹ, 14 ਜੁਲਾਈ 2025: ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸੰਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪਿਛਲੇ ਸਮੇਂ ‘ਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮਾਜ ‘ਚ ਅਸ਼ਾਂਤੀ ਦੀ ਸਥਿਤੀ ਵੀ ਪੈਦਾ ਕੀਤੀ ਹੈ। ਭਾਰਤੀ ਨਿਆਏ ਸੰਹਿਤਾ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ‘ਚ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾ ਦੀ ਵਿਵਸਥਾ ਨਹੀਂ ਕਰਦੀਆਂ।
ਅਜਿਹੇ ਅਪਰਾਧਾਂ ਦੀ ਗੰਭੀਰਤਾ ਨੂੰ ਧਿਆਨ ‘ਚ ਰੱਖਦੇ ਹੋਏ ਅਤੇ ਭਾਈਚਾਰਕ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਬਣਾਈ ਰੱਖਣ ਦੀ ਮਹੱਤਤਾ ਨੂੰ ਸਮਝਦੇ ਹੋਏ, ਪੰਜਾਬ ਮੰਤਰੀ ਮੰਡਲ ਨੇ ਸਜ਼ਾ ਦੇ ਪ੍ਰਬੰਧ ਨੂੰ ਹੋਰ ਸਖ਼ਤ ਕਰਨ ਲਈ ਇੱਕ ਰਾਜ-ਅਧਾਰਤ ਕਾਨੂੰਨ ਲਿਆਉਣ ਦੀ ਜ਼ਰੂਰਤ ਮਹਿਸੂਸ ਕੀਤੀ, ਜਿਸ ‘ਚ ਕਿਸੇ ਵੀ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਸ਼ਾਮਲ ਹੈ।
ਇਹ ਬਿੱਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।
ਇਹ ਜ਼ਿਕਰਯੋਗ ਹੈ ਕਿ ਹੁਣ ਤੱਕ ਕੋਈ ਖਾਸ ਕਾਨੂੰਨ ਮੌਜੂਦ ਨਹੀਂ ਸੀ ਜੋ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ‘ਤੇ ਸੰਬੋਧਿਤ ਕਰਦਾ ਹੋਵੇ, ਜਿਸਦੇ ਨਤੀਜੇ ਵਜੋਂ ਅਪਰਾਧੀ ਅਕਸਰ ਗੰਭੀਰ ਕਾਰਵਾਈ ਤੋਂ ਬਚ ਜਾਂਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਬੇਅਦਬੀ ਦੇ ਮਾਮਲਿਆਂ ‘ਚ ਸਜ਼ਾ ਪ੍ਰਦਾਨ ਕਰਕੇ ਇਸ ਕਾਨੂੰਨੀ ਖਾਲੀਪਣ ਨੂੰ ਭਰਨਾ ਹੈ।
ਇਸ ਪ੍ਰਸਤਾਵਿਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਤਿੰਨ ਤੋਂ ਪੰਜ ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ, ਜਦੋਂ ਕਿ ਅਪਰਾਧ ਨੂੰ ਉਕਸਾਉਣ ਵਾਲਿਆਂ ਨੂੰ ਅਪਰਾਧ ਅਨੁਸਾਰ ਸਜ਼ਾ ਮਿਲੇਗੀ।
Read More: ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੋਧ ਬਿੱਲ 2025 ਪਾਸ