ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਮੇਤ ਕਈ ਅਹਿਮ ਫੈਸਲੇ ਲਏ ਹਨ | ਮੰਤਰੀ ਮੰਡਲ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ (Disabled Soldiers) ਦੀ ਐਕਸ-ਗ੍ਰੇਸ਼ੀਆ ਗਰਾਂਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫੀਸਦੀ ਤੋਂ 100 ਫੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ।
ਇਸੇ ਤਰ੍ਹਾਂ 51 ਫੀਸਦੀ ਤੋਂ 75 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ (Disabled Soldiers) ਲਈ ਐਕਸ-ਗ੍ਰੇਸ਼ੀਆ ਗਰਾਂਟ ਦੁੱਗਣੀ ਕਰਕੇ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਪੰਜ ਲੱਖ ਰੁਪਏ ਤੋਂ ਵਧਾਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਹ ਕਦਮ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਕਰਨ ਅਤੇ ਸਮਾਜ ਵਿੱਚ ਚੰਗਾ ਜੀਵਨ ਬਤੀਤ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।