Cabinet Sub-Committee

ਪੰਜਾਬ ਕੈਬਿਨਟ ਸਬ-ਕਮੇਟੀ ਨੇ ਵੱਖ-ਵੱਖ ਜਥੇਬੰਦੀਆਂ ਨਾਲ ਬੈਠਕ ਦੌਰਾਨ ਜਾਇਜ ਮੰਗਾਂ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਫਰਵਰੀ 2025: Cabinet Sub-Committee: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫਤਰ ਵਿਖੇ ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਬੈਠਕ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਸਾਹਿਤਕ ਸਭਾਵਾਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਕਲਾ ਲਈ ਕੰਮ ਕਰ ਰਹੀ ਹੈ। ਇਸ ਵੇਲੇ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ਹੇਠ ਪੰਜਾਬ ਨਵ ਸਿਰਜਣਾ ਸਮਾਗਮਾਂ ਦੀ ਇੱਕ ਲੜੀ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਸਾਹਿਤ, ਕਲਾ ਅਤੇ ਸੱਭਿਆਚਾਰ ਨਾਲ ਸਬੰਧਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਸ ਦੌਰਾਨ ਵਿੱਤ ਮੰਤਰੀ ਨੇ ਲੇਖਕ ਸਭਾ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਨ ਤੋਂ ਬਾਅਦ, ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਪੰਜਾਬੀ ਭਾਸ਼ਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਮੌਕੇ ‘ਤੇ ਹੀ ਹਦਾਇਤ ਕੀਤੀ ਕਿ ਭਾਸ਼ਾ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਸਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਭਾਗ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਖੇਤਰ ‘ਚ ਪੰਜਾਬੀ ਭਾਸ਼ਾ ‘ਚ ਕੰਮ ਯਕੀਨੀ ਬਣਾਉਣ ਅਤੇ ਪੰਜਾਬੀ ‘ਚ ਬੋਰਡ ਲਗਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ‘ਚ ਕੈਬਨਿਟ ਸਬ-ਕਮੇਟੀ (Cabinet Sub-Committee) ਨੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਅਤੇ ਭੂਮੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ। ਕੈਬਨਿਟ ਸਬ-ਕਮੇਟੀ ਨੇ ਸੰਗਠਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਪੂਰੀ ਹਮਦਰਦੀ ਅਤੇ ਸਕਾਰਾਤਮਕ ਰਵੱਈਆ ਰੱਖਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਾਗ ਵਰਮਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Read More: ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਬੈਠਕਾਂ

Scroll to Top