Site icon TheUnmute.com

ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ :ਸ਼੍ਰੋਮਣੀ ਕਮੇਟੀ ਪ੍ਰਧਾਨ

ਮੁੱਖ ਮੰਤਰੀ

ਚੰਡੀਗੜ੍ਹ, 8 ਅਪ੍ਰੈਲ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ।

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਗੱਲ ਕੀਤੀ ਗਈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਯਤਨ ਆਰੰਭ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਥਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਵੱਲ ਧਿਆਨ ਦੇਣ।

Exit mobile version