ਚੰਡੀਗੜ੍ਹ 23 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸ਼ੁਰੂ ਤੋਂ ਹੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 30 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਜਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਹ ਰਾਜ ਪੱਧਰੀ ਸਮਾਗਮ ਬਠਿੰਡਾ ਦੇ ਪਿੰਡ ਚਾਉਕੇ ਵਿੱਚ ਹੋਣ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ 30 ਨਵੇਂ ਆਮ ਆਦਮੀ ਕਲੀਨਿਕ ਤੋਹਫੇ ਵਜੋਂ ਦੇਣਗੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 842 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 312 ਸ਼ਹਿਰੀ ਖੇਤਰਾਂ ਵਿੱਚ ਅਤੇ 530 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।