Site icon TheUnmute.com

ਪੰਜਾਬ ਕਾਂਗਰਸ ਵੱਲੋਂ ਸੁਧੀਰ ਸੂਰੀ ਦੇ ਕਤਲ ਦੀ ਨਿਖੇਧੀ, ਕਿਹਾ ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖ਼ਰਾਬ

Raja Warring

ਚੰਡੀਗੜ੍ਹ 04 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।

ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਤਲ ਜ਼ਾਹਰ ਕਰਦਾ ਹੈ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ।

ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸੂਬੇ ਤੋਂ ਬਾਹਰ ਰਹਿ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਪੰਜਾਬ ਵਿੱਚ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿੱਚ ਸ਼ਾਸਨ ਚਲਾਉਣਾ ਆਸਾਨ ਨਹੀਂ ਹੈ ਅਤੇ ਇਹ ਵਾਰ-ਵਾਰ ਸਾਬਤ ਹੋ ਚੁੱਕਾ ਹੈ। ਪੰਜਾਬ ਨੂੰ ਪੂਰੇ ਸਮੇਂ ਦੇ ਸ਼ਾਸਨ ਦੀ ਲੋੜ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਰੀ ਦੀ ਸਿਆਸੀ ਵਿਚਾਰਧਾਰਾ ਦੇ ਉਲਟ ਉਹ ਉੱਚ ਜੋਖਮ ਵਾਲੇ ਨਿਸ਼ਾਨੇ ‘ਤੇ ਸਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਹੋਰ ਸਾਵਧਾਨ ਰਹਿਣ ਦੀ ਲੋੜ ਸੀ। ਉਸਦੇ ਕਤਲ ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਸਹਿਮ ਫੈਲ ਗਿਆ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਇੱਕ ਵਾਰ ਫਿਰ ਕਾਲੇ ਦੌਰ ਵਿੱਚ ਨਹੀਂ ਜਾਣ ਦਿੱਤੇ ਜਾ ਸਕਦੇ। ਅਸੀਂ ਬਹੁਤ ਸਾਰੇ ਲੋਕਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਨੂੰ ਬਚਾਇਆ ਹੈ ਅਤੇ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਫੁੱਟ ਪਾਊ ਸਿਆਸਤ ਤੋਂ ਉਪਰ ਉਠ ਕੇ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Exit mobile version