ਚੰਡੀਗੜ੍ਹ, 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ | ਰਾਜਾ ਵੜਿੰਗ ਨੇ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਜੰਗਲ ਰਾਜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਖੜਗੇ ਨੇ ਸਵੇਰੇ ਮੈਨੂੰ ਫ਼ੋਨ ਕਰਕੇ ਖਹਿਰਾ ਲਈ ਲੜਨ ਲਈ ਕਿਹਾ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ ਕਰੀਬ 5 ਵਜੇ ਚੰਡੀਗੜ੍ਹ ਦੇ ਸੈਕਟਰ-5 ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ।
ਪੁਲਿਸ ਮੁਤਾਬਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਨਸ਼ਾ ਤਸਕਰੀ ਨੈਟਵਰਕ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਕਥਿਤ ਸ਼ਮੂਲੀਅਤ ਲਈ ਹਿਰਾਸਤ ‘ਚ ਲਿਆ ਗਿਆ ਹੈ।ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡਰੱਗਜ਼ ਦਾ ਕੇਸ ਦਰਜ ਹੋਇਆ ਸੀ ਅਤੇ ਦੋ ਕੇਸਾਂ ਦਾ ਜੋ ਕਿ ਫਾਜ਼ਿਲਕਾ ਦੀ ਸਰਹੱਦ ਪਾਰੋਂ ਨਸ਼ਾ ਸਮਗਲਿੰਗ ਨੈਟਵਰਕ, ਹੈਰੋਇਨ, ਸੋਨੇ ਦੇ ਬਿਸਕੁੱਟ, ਹਥਿਆਰ, ਅਸਲਾ ਤੇ ਪਾਕਿਸਤਾਨੀ ਸਿਮ ਕਾਰਡ ਆਦਿ ਨਾਲ ਸਬੰਧਤ ਹਨ।
ਸੁਖਪਾਲ ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।