June 30, 2024 3:19 am
Raja Warring

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਯੂਥ ਵਰਕਰਾਂ ਨੂੰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ

ਚੰਡੀਗੜ੍ਹ 18 ਅਗਸਤ 2022: ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵੱਲੋਂ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸ (Congress) ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੈ, ਭਾਵੇਂ ਜੋ ਵੀ ਮੁੱਖ ਮੰਤਰੀ ਬਣੇ ਅਤੇ ਇਸਦੇ ਲਈ ਸਾਨੂੰ ਇਕਜੁੱਟ ਹੋਣਾ ਚਾਹੀਦਾ ਹੈ।

ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਯੁਵਾ ਵਰਕਰਾਂ ਨੂੰ ਆਪਣੇ ਟੀਚੇ ਤੈਅ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਰ ਕਿਸੇ ਲਈ ਉਮੀਦ ਪੈਦਾ ਕੀਤੀ ਹੈ, ਚਾਹੇ ਉਹ ਕਿਸੇ ਵੀ ਪਰਿਵਾਰ ਨਾਲ ਸਬੰਧਤ ਹੋਵੇ।ਇਸ ਸਬੰਧੀ ਉਨ੍ਹਾਂ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸਦਾ ਕੋਈ ਸਿਆਸੀ ਇਤਿਹਾਸ ਨਹੀਂ ਹੈ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਯੂਥ ਕਾਂਗਰਸ ਦਾ ਕੌਮੀ ਪ੍ਰਧਾਨ ਅਤੇ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ।

ਸੂਬਾ ਕਾਂਗਰਸ (Congress) ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਆਮ ਆਦਮੀ ਨੂੰ ਤਾਕਤ ਦੇਣ ਦੇ ਦਾਅਵਿਆਂ ‘ਤੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੂਜੀਆਂ ਰਵਾਇਤੀ ਸਿਆਸੀ ਪਾਰਟੀਆਂ ਨਾਲੋਂ ਵੀ ਮਾੜਾ ਵਿਹਾਰ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਨੇ ਆਮ ਵਰਕਰਾਂ ਨੂੰ ਮੌਕੇ ਦਿੱਤੇ ਹਨ। ਵੜਿੰਗ ਨੇ ‘ਆਪ’ ਸਰਕਾਰ ਦੇ ਪੰਜਾਬ ‘ਚ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਰੋਕਣ ਦੇ ਆਧਾਰ ‘ਤੇ ਸਵਾਲ ਉਠਾਏ, ਜਦਕਿ ਦੂਜੇ ਪਾਸੇ ਇਸਨੇ ਦਿੱਲੀ ‘ਚ ਆਪਣੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ‘ਚ 60 ਫੀਸਦੀ ਦਾ ਵਾਧਾ ਕੀਤਾ ਹੈ। ਇਹ ਪੂਰੀ ਤਰ੍ਹਾਂ ਧੋਖਾਧੜੀ ਅਤੇ ਦੋਹਰੇ ਮਾਪਦੰਡ ਹਨ।

ਉਨ੍ਹਾਂ ਕਿਹਾ ਕਿ 2004 ਵਿੱਚ ਸ੍ਰੀਮਤੀ ਸੋਨੀਆ ਗਾਂਧੀ ਨੇ ਨਾ ਸਿਰਫ਼ ਖ਼ੁਦ ਪ੍ਰਧਾਨ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ, ਸਗੋਂ ਰਾਹੁਲ ਗਾਂਧੀ ਨੂੰ ਵੀ ਪ੍ਰਧਾਨ ਮੰਤਰੀ ਨਹੀਂ ਬਣਾਇਆ ਸੀ, ਜੋ ਉਹ ਆਸਾਨੀ ਨਾਲ ਕਰ ਸਕਦੇ ਸਨ। ਇਸਦੇ ਉਲਟ ਉਨ੍ਹਾਂ ਨੇ ਇਕ ਕਾਬਲ ਕਾਂਗਰਸੀ ਡਾ. ਮਨਮੋਹਨ ਸਿੰਘ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਸੀ, ਜਿਨ੍ਹਾਂ ਦੀ ਕਾਬਲੀਅਤ ਨੂੰ ਪੂਰੀ ਦੁਨੀਆ ਜਾਣਦੀ ਹੈ।

ਉਨ੍ਹਾਂ ਯੁਵਾ ਵਰਕਰਾਂ ਨੂੰ ਕਿਹਾ ਕਿ ਉਹ ਦੇਸ਼ ਦੀ ਸਰਵੋਤਮ ਸਿਆਸੀ ਪਾਰਟੀ ਵਿੱਚ ਹਨ, ਜੋ ਉਨ੍ਹਾਂ ਨੂੰ ਨਾ ਸਿਰਫ਼ ਮੌਕਾ ਦਿੰਦੀ ਹੈ ਸਗੋਂ ਉਨ੍ਹਾਂ ਨੂੰ ਆਪਣਾ ਰੋਸ ਪ੍ਰਗਟ ਕਰਨ ਦੀ ਆਜ਼ਾਦੀ ਵੀ ਦਿੰਦੀ ਹੈ। ਤੁਸੀਂ ਮੈਨੂੰ ਕਾਂਗਰਸ ਤੋਂ ਇਲਾਵਾ ਕੋਈ ਹੋਰ ਸਿਆਸੀ ਪਾਰਟੀ ਦੱਸੋ, ਜਿੱਥੇ ਤੁਸੀਂ ਆਪਣਾ ਵਿਰੋਧ ਪ੍ਰਗਟ ਕਰ ਸਕਦੇ ਹੋ। ਜਦੋਂ ਕਿ ਹੋਰ ਸਿਆਸੀ ਪਾਰਟੀਆਂ ਤਾਨਾਸ਼ਾਹੀ ਢੰਗ ਨਾਲ ਚਲਾਈਆਂ ਜਾਂਦੀਆਂ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਐਨ.ਐਸ.ਯੂ.ਆਈ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਉਨ੍ਹਾਂ ‘ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਐਨਐਸਯੂਆਈ ਵਰਕਰਾਂ ਸਮੇਤ ਸਾਰਿਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੀ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।