ਮਾਨਸਾ, 29 ਅਕਤੂਬਰ 2025: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਹਾ ਕਿ ਆਏ ਦਿਨ ਫਿਰੌਤੀ ਲਈ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਪਰਾਧੀ ਅਤੇ ਗੈਂਗਸਟਰ ਕਾਨੂੰਨ ਦੇ ਡਰ ਤੋਂ ਬਿਨਾਂ ਆਜ਼ਾਦ ਘੁੰਮ ਰਹੇ ਹਨ।
ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇੱਕ ਦੁਕਾਨਦਾਰ ‘ਤੇ ਫਾਈਰਿੰਗ ਦੀ ਘਟਨਾ ਦੇ ਵਿਰੋਧ ‘ਚ ਬੁਲਾਏ ਮਾਨਸਾ ਬੰਦ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਗਈ ਹੈ |
ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਦੇ ਹਜ਼ਾਰਾਂ ਲੋਕ ਚੁੱਪ-ਚਾਪ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਫਿਰੌਤੀ ਦੇ ਪੈਸੇ ਦੇ ਰਹੇ ਹਨ, ਉਨ੍ਹਾਂ ਨੂੰ ਪੁਲਿਸ ‘ਤੇ ਕੋਈ ਭਰੋਸਾ ਨਹੀਂ ਰਿਹਾ | ਰਾਜਾ ਵੜਿੰਗ ਨੇ ਅਬੋਹਰ ਦੇ ਇੱਕ ਕੱਪੜਾ ਵਪਾਰੀ ਦੇ ਕਤਲ ਦੀ ਘਟਨਾ ਦਾ ਹਵਾਲਾ ਵੀ ਦਿੱਤਾ, ਜਿਸਦੀ ਫਿਰੌਤੀ ਦੇ ਪੈਸੇ ਦੇਣ ਦੇ ਬਾਵਜੂਦ ਕਤਲ ਕਰ ਦਿੱਤਾ ਸੀ |
ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਪਰਾਧੀ ਅਤੇ ਗੈਂਗਸਟਰ ਉਤਸਾਹਿਤ ਮਹਿਸੂਸ ਕਰ ਰਹੇ ਸਨ, ਕਿਉਂਕਿ ਉਨ੍ਹਾਂ ਦੇ ਕਤਲ ਦੇ ਮਾਸਟਰਮਾਈਂਡ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਵੜਿੰਗ ਨੇ ਜ਼ਿਕਰ ਕੀਤਾ ਕਿ ਗੁਜਰਾਤ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਵੀ ਨਹੀਂ ਲਿਆ ਜਾ ਸਕਦਾ।
ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਗੈਂਗਸਟਰ ਦੇ ਇੱਕ ਰਿਸ਼ਤੇਦਾਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇੱਛਾ ਸ਼ਕਤੀ ਹੋਵੇ, ਤਾਂ ਇੱਕ ਮਹੀਨੇ ਦੇ ਅੰਦਰ-ਅੰਦਰ ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਖਤਮ ਕੀਤਾ ਜਾ ਸਕਦਾ ਹੈ।
ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ‘ਚ ਕਾਨੂੰਨ ਵਿਵਸਥਾ ਬਾਰੇ ਫੀਡਬੈਕ ਲਈ ਪੰਜਾਬ ਪੁਲਿਸ ‘ਤੇ ਨਿਰਭਰ ਨਾ ਰਹਿਣ। ਇਸਦੇ ਨਾਲ ਹੀ, ਉਨ੍ਹਾਂ ਪੰਜਾਬ ਦੀ ਜ਼ਮੀਨੀ ਸਥਿਤੀ ਬਾਰੇ ਜ਼ਮੀਨੀ ਪੱਧਰ ‘ਤੇ ਫੀਡਬੈਕ ਲੈਣ ਲਈ ਇੱਕ ਸਰਬ-ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ। ਇਸ ਮੌਕੇ ਰਾਜਾ ਵੜਿੰਗ ਦੇ ਨਾਲ ਹੋਰ ਸੀਨੀਅਰ ਕਾਂਗਰਸੀ ਆਗੂਆਂ ਸਣੇ ਸਵਰਗੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਸਨ।
Read More: ਰਾਜਾ ਵੜਿੰਗ ਵੱਲੋਂ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਹੱਕ ‘ਚ ਚੋਣ ਪ੍ਰਚਾਰ




