Punjab Congress

ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਹੁਕਮਾਂ ਵਿਰੁੱਧ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 01 ਸਤੰਬਰ 2026: ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਐਫਆਈਆਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਜਾਰੀ ਕੀਤੇ ਗ੍ਰਿਫ਼ਤਾਰੀ ਦੇ ਹੁਕਮਾਂ ਵਿਰੁੱਧ ਪੰਜਾਬ ਕਾਂਗਰਸ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਚੰਡੀਗੜ੍ਹ ਦੇ ਸੈਕਟਰ-15 ‘ਚ ਪੰਜਾਬ ਕਾਂਗਰਸ ਭਵਨ ਦੇ ਬਾਹਰ ਪ੍ਰਦਰਸ਼ਨ ਦੌਰਾਨ, ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਲੰਮਾ ਸਮਾਂ ਟਕਰਾਅ ਹੋਇਆ। ਸਥਿਤੀ ਨੂੰ ਦੇਖਦੇ ਹੋਏ, ਮੌਕੇ ‘ਤੇ ਵੱਡੀ ਗਿਣਤੀ ‘ਚ ਚੰਡੀਗੜ੍ਹ ਪੁਲਿਸ ਫੋਰਸ ਤਾਇਨਾਤ ਕੀਤੀ ਗਈ।

ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ, ਰਾਹੁਲ ਗਾਂਧੀ ਵਿਰੁੱਧ ਦਰਜ ਕੀਤੇ ਕੇਸ ਨੂੰ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਦੱਸਿਆ। ਉਨ੍ਹਾਂ ਨੇ ਉੱਤਰਾਖੰਡ ਦੇ ਹਲਦਵਾਨੀ ‘ਚ ਕਥਿਤ ‘ਸ਼ੁੱਧੀਕਰਨ’ ਮਾਮਲੇ ਸੰਬੰਧੀ ਕੀਤੀ ਗਈ ਕਾਰਵਾਈ ਅਤੇ ਰਾਜਾ ਵੜਿੰਗ ਵਿਰੁੱਧ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਦੇ ਹੁਕਮਾਂ ਦਾ ਵੀ ਵਿਰੋਧ ਕੀਤਾ।

ਵਿਰੋਧ ਪ੍ਰਦਰਸ਼ਨ ਦੌਰਾਨ, ਪੁਲਿਸ ਨੇ ਡਾ. ਰਾਜਕੁਮਾਰ ਵੇਰਕਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲੈ ਲਿਆ। ਉਨ੍ਹਾਂ ਨੂੰ ਸੈਕਟਰ 11 ਦੇ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਲਗਭਗ ਅੱਧੇ ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ। ਡਾ. ਵੇਰਕਾ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰ ਰਿਹਾ ਹੈ।

ਉਨ੍ਹਾਂ ਰਾਜਾ ਵੜਿੰਗ ਵਿਰੁੱਧ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਕਮਿਸ਼ਨ ਅਜਿਹੇ ਹੁਕਮ ਜਾਰੀ ਨਹੀਂ ਕਰ ਸਕਦਾ ਭਾਵੇਂ ਕਿ ਮਾਮਲਾ ਹਾਈ ਕੋਰਟ ‘ਚ ਵਿਚਾਰ ਅਧੀਨ ਹੈ। ਵਿਰੋਧ ਪ੍ਰਦਰਸ਼ਨ ਕਾਰਨ ਮੱਧ ਮਾਰਗ ‘ਤੇ ਲਗਭਗ ਇੱਕ ਘੰਟੇ ਤੱਕ ਆਵਾਜਾਈ ‘ਚ ਵਿਘਨ ਪਿਆ ਅਤੇ ਸੜਕ ਨੂੰ ਬੰਦ ਕਰਨਾ ਪਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ ਅਤੇ ਆਵਾਜਾਈ ਬਹਾਲ ਕੀਤੀ।

Read More: ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਧਾਰਨਾ ਪ੍ਰਦਰਸ਼ਨ ਕਰੇਗਾ ਸੰਯੁਕਤ ਕਿਸਾਨ ਮੋਰਚਾ

ਵਿਦੇਸ਼

Scroll to Top