ਚੰਡੀਗੜ੍ਹ, 16 ਫਰਵਰੀ 2024: ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ‘ਤੇ ਦਿੱਲੀ ਵੱਲ ਮਾਰਚ ਦੌਰਾਨ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੇ ਮੁੱਦੇ ‘ਤੇ ਸਿਆਸਤ ਭਖੀ ਹੋਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਲਈ ਸਿੱਧੇ ਤੌਰ ‘ਤੇ ਹਰਿਆਣਾ ਸਰਕਾਰ ਅਤੇ ਇਸ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ।
ਇਸ ਦੇ ਨਾਲ ਹੀ ਅੱਜ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਵਿੱਚ ਕਈ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਹਾਲਾਂਕਿ ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਦਲੀਲ ਦਿੱਤੀ ਕਿ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ।
ਪੰਜਾਬ ਕਾਂਗਰਸ (Punjab Congress) ਦੇ ਇਸ ਪ੍ਰਦਰਸ਼ਨ ਵਿੱਚ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਕਈ ਸੀਨੀਅਰ ਕਾਂਗਰਸੀ ਆਗੂ ਪੁੱਜੇ ਹੋਏ ਸਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਗਲਤ ਕੀਤਾ ਗਿਆ ਹੈ ਅਤੇ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।