ਚੰਡੀਗੜ੍ਹ 15 ਫਰਵਰੀ 2024: ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਕੂਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ (Punjab Congress) ਪਾਰਟੀ ਦਾ ਇੱਕ ਵਫ਼ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।
ਕਾਂਗਰਸ (Punjab Congress) ਨੇ ਮੰਗ ਕੀਤੀ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਜਾਣ, ਇਸ ਨੇ ਅੰਬਾਲਾ ਦੇ ਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣਾ ਗੰਭੀਰ ਮਾਮਲਾ ਹੈ।
ਉਨ੍ਹਾਂ ਦਲੀਲ ਦਿੱਤੀ ਕਿ ਹਰਿਆਣਾ ਪੁਲਿਸ ਨੇ ਅਜਿਹਾ ਕਰਕੇ ਗਲਤ ਕੀਤਾ ਹੈ। ਪੰਜਾਬ ਦੇ ਇਲਾਕੇ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਸ਼ੱਦਦ ਕੀਤਾ ਹੈ। ਇਸ ਦੌਰਾਨ ਕੁਝ ਕਿਸਾਨਾਂ ਦੀਆਂ ਅੱਖਾਂ, ਸਿਰ, ਗਰਦਨ ਆਦਿ ’ਤੇ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਰਾਸ਼ਟਰ ਦੀ ਜਾਇਦਾਦ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਪਾਬੰਦੀ ਦੇ ਘੁੰਮਣ ਦਾ ਅਧਿਕਾਰ ਹੈ। ਜਦਕਿ ਉਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ।