ਚੰਡੀਗੜ੍ਹ, 03 ਮਾਰਚ 2026: ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਕਰਵਾਉਣ ਸਬੰਧੀ ਇਕ ਵਿਸ਼ੇਸ਼ ਬੈਠਕ ਸੱਦੀ |
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ 22 ਮਾਰਚ, 2026 ਨੂੰ ਫੁੱਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ) ‘ਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 23 ਮਾਰਚ, 2026 ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸੂਬਾ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕਰਕੇ ਕਰਵਾਈ ਜਾਵੇਗੀ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇਕ ਸਿਹਤਮੰਦ ਰਾਸ਼ਟਰ ਦਾ ਸੁਪਨਾ ਦੇਖਿਆ ਸੀ। ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਾਡਾ ਫਰਜ ਹੈ। ਇਹ ਮੈਰਾਥਨ ਨੌਜਵਾਨਾਂ ‘ਚ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ।
ਉਨ੍ਹਾਂ ਦੱਸਿਆ ਕਿ ਮੈਰਾਥਨ ‘ਚ 5 ਕਿ.ਮੀ., 10 ਕਿ.ਮੀ., 21 ਕਿ.ਮੀ. ਅਤੇ 42 ਕਿ.ਮੀ. ਦੀਆਂ ਵੱਖ-ਵੱਖ ਸ਼੍ਰੇਣੀਆਂ ਹੋਣਗੀਆਂ, ਜਿਨ੍ਹਾਂ ‘ਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਡਿਸਏਬਲਡ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਸ ਸੂਬਾ ਪੱਧਰੀ ਪ੍ਰੋਗਰਾਮ ਦੀ ਸਫਲਤਾ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸੈਰ ਸਪਾਟਾ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਐਸ.ਆਰ.ਐਸ.ਐਫ. ਐਨਜੀਓ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
Read More: ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਸਾਲ ਦੌਰਾਨ 36 ਹਜ਼ਾਰ FIR ਤੇ 51,648 ਗ੍ਰਿਫ਼ਤਾਰੀਆਂ ਕੀਤੀਆਂ: ਬਲਤੇਜ ਪੰਨੂ




