ਚੰਡੀਗੜ੍ਹ, 23 ਜੁਲਾਈ 2025: ਪੰਜਾਬ ‘ਚ ਮੌਜੂਦਾ ਸਾਲ ਝੋਨੇ ਦੀ ਸਿੱਧੀ ਬਿਜਾਈ ਰਕਬੇ ‘ਚ ਪਿਛਲੇ ਸਾਲ ਦੇ ਮੁਕਾਬਲੇ 11.86 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ|
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਜਦਕਿ ਪਿਛਲੇ ਸਾਲ ਡੀਐਸਆਰ ਤਹਿਤ ਕੁੱਲ ਰਕਬਾ 2.53 ਲੱਖ ਏਕੜ ਸੀ। ਝੋਨੇ ਦੀ ਬਿਜਾਈ ਪੰਜਾਬ ‘ਚ ਅਜੇ ਵੀ ਜਾਰੀ ਹੈ ਅਤੇ ਡੀਐਸਆਰ ਅਧੀਨ ਰਕਬਾ ਹੋਰ ਵਧੇਗਾ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਪਾਣੀ ਦੀ ਸੰਭਾਲ ‘ਚ ਮੱਦਦ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਰਾਸ਼ੀ 2024 ਦੇ ਸਾਉਣੀ ਸੀਜ਼ਨ ਦੌਰਾਨ ਡੀਐਸਆਰ ਤਕਨਾਲੋਜੀ ਅਪਣਾਉਣ ਵਾਲੇ 24,032 ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕਰ ਦਿੱਤੀ ਗਈ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਈ ਸਰਗਰਮ ਕਦਮ ਚੁੱਕੇ ਹਨ। ਵਿਭਾਗ ਨੇ ਕਿਸਾਨਾਂ ਨੂੰ ਵਿਹਾਰਕ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮਾਂ ਦੇ ਨਾਲ-ਨਾਲ ਸਿਖਲਾਈ ਕੈਂਪ ਵੀ ਲਗਾਏ। ਇਸ ਤੋਂ ਇਲਾਵਾ, ਤਕਨੀਕੀ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਕਿਸਾਨਾਂ ਨੂੰ ਡੀਐਸਆਰ ਦੇ ਫਾਇਦਿਆਂ ਤੋਂ ਜਾਣੂ ਕਰਵਾਉਣ ਲਈ ਖੇਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।