ਬੱਲੂਆਣਾ, 06 ਦਸੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ (Balluana) ਨੂੰ ਪਹਿਲਾ ਸਰਕਾਰੀ ਡਿਗਰੀ ਕਾਲਜ ਲੱਕ ਅਰਪਣ ਕੀਤਾ ਹੈ | ਪੰਜਾਬ ਸਰਕਾਰ ਮੁਤਾਬਕ ਆਜ਼ਾਦੀ ਦੇ 77 ਸਾਲਾਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਮਿਲਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਇਸ ਦਾ ਉਦੇਸ਼ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੇ ਵਿੱਦਿਅਕ ਪੱਧਰ ‘ਤੇ ਉੱਨਤੀ ਲਈ ਕੰਮ ਕਰਨਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਇਲਾਕੇ ਵਿੱਚ ਸਿੱਖਿਆ ਦੀ ਕਮੀ ਨੂੰ ਦੂਰ ਕਰਨ ‘ਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਚ ਅਸਫਲ ਰਹੀਆਂ ਹਨ | |
ਉਨ੍ਹਾਂ ਦਾਅਵਾ ਕੀਤਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਪੱਧਰ ‘ਤੇ ਲਿਆਉਣ ਦਾ ਸਿਹਰਾ ‘ਆਪ’ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੈਕਟਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ |
ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਤੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਲਈ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੇ ਸਸ਼ਕਤੀਕਰਨ ਲਈ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਹੋਰ ਵੱਕਾਰੀ ਪ੍ਰੀਖਿਆਵਾਂ ‘ਚ ਸਫ਼ਲਤਾ ਹਾਸਲ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ‘ਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਮਜਬੂਰੀ ‘ਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਭੇਜਦੇ ਸਨ ਪਰ ਹੁਣ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੋਣ ਕਾਰਨ ਅਜਿਹਾ ਕਰਨਾ ਉਨ੍ਹਾਂ ਦੀ ਇੱਛਾ ਬਣ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ‘ਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਨੌਜਵਾਨਾਂ ਨੂੰ 50,000 ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੱਲੂਆਣਾ (Balluana) ਵਿਧਾਨ ਸਭਾ ਹਲਕੇ ਦੇ ਪਿੰਡ ਡੰਗਰ ਖੇੜਾ ਨੂੰ 700 ਨੌਕਰੀਆਂ ਦਿੱਤੀਆਂ ਹਨ | ਉਨ੍ਹਾਂ ਐਲਾਨ ਕੀਤਾ ਕਿ ਇਸ ਕਾਲਜ ਲਈ ਅਧਿਆਪਕਾਂ ਦੀਆਂ 9 ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਵਧਾਉਣ ਦੀ ਯੋਜਨਾ ਹੈ।
ਮੁੱਖ ਮੰਤਰੀ ਮਾਨ ਨੇ ਇਸ ਸਰਕਾਰੀ ਕਾਲਜ ਦੇ ਲਈ ਜ਼ਮੀਨ ਦੇਣ ਲਈ ਪੰਚਾਇਤ ਦਾ ਧੰਨਵਾਦ ਕੀਤਾ ਹੈ | ਪੰਚਾਇਤ ਨੇ ਇਸ ਸਰਕਾਰੀ ਡਿਗਰੀ ਕਾਲਜ ਲਈ 10 ਏਕੜ ਜ਼ਮੀਨ ਦਾ ਦਿੱਤੀ ਹੈ | ਇਹ ਕਰੀਬ 15.50 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਇਹ ਕਾਲਜ ਇਲਾਕੇ ‘ਚ ਸਿੱਖਿਆ ਦਾ ਚਾਨਣ ਮੁਨਾਰਾ ਬਣੇਗਾ।
ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ 1000 ਦਿਨਾਂ ਦੇ ਕਾਰਜਕਾਲ ਦੌਰਾਨ 8,000 ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ ‘ਚ ਕਾਮਯਾਬ ਹੋਈ ਹੈ। ਇਹ ਉਨ੍ਹਾਂ ਦੇ ਸਿੱਖਿਆ ਮਾਡਲ ਅਤੇ ਕ੍ਰਾਂਤੀ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਬਣ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਹਰ ਰੋਜ਼ 50 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਬੱਲੂਆਣਾ ਖੇਤਰ ਦੇ ਸਕੂਲਾਂ ਲਈ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
Read More: CM ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ