Punjabi teachers

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦਾ ਐਲਾਨ

ਹੁਸ਼ਿਆਰਪੁਰ, 5 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਪੰਜਾਬੀ ਅਧਿਆਪਕਾਂ  (Punjabi teachers) ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ | ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅਧਿਆਪਕ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਪੰਜਾਬ ਸਰਕਾਰ ਦੀ ਤਰਜੀਹੀ ਅਤੇ ਮੁੱਢਲਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ‘ਚ ਵੱਡੀ ਗਿਣਤੀ ‘ਚ ਆਸਾਮੀਆਂ (Punjabi teachers) ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ‘ਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪੰਜਾਬ ‘ਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ ਕਰਵਾਈ ਹੈ। ਜਿਸ ‘ਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਪ੍ਰਣਾਲੀ ‘ਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਲੋਕਾਂ ਦੀ ਤਕਦੀਰ ਬਦਲਣ ‘ਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਦੁਆਰਾ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

 

Scroll to Top