Site icon TheUnmute.com

ਪੰਜਾਬ ਸਰਕਾਰ ਵੱਲੋਂ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ 1 ਰੁਪਏ ਦਾ ਵਾਧਾ ਕਰਨ ਦਾ ਐਲਾਨ

Punjab government

ਚੰਡੀਗੜ੍ਹ, 1 ਅਕਤੂਬਰ 2024: ਪੰਜਾਬ ਸਰਕਾਰ (Punjab government) ਨੇ ਮੰਡੀਆਂ ‘ਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ‘ਚ ਲੱਗੇ ਮਜ਼ਦੂਰਾਂ ਲਈ ਇੱਕ ਫੈਸਲਾ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਡੀ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਭਰ ਦੀਆਂ ਮੰਡੀਆਂ ‘ਚ ਕੰਮ ਕਰਦੇ ਮਜ਼ਦੂਰਾਂ ਲਈ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ‘ਚ ਬਹੁਤ ਸਹਾਈ ਸਿੱਧ ਹੋਵੇਗਾ। ਸੀਐੱਮ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ‘ਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।

ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਸਾਫ਼ ਸੁਥਰਾ ਰੱਖਣ ਦੇ ਨਿਰਦੇਸ਼ ਦਿੱਤੇ ਹਨ | ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ‘ਚ ਖਰੀਦ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ‘ਚ ਇਸ ‘ਚ ਹੋਰ ਵਾਧਾ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab government) ਸੂਬੇ ਦੇ ਮਿੱਲ ਮਾਲਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੰਗਾਂ ਦੇ ਛੇਤੀ ਹੱਲ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ‘ਚ ਲਿਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ‘ਚ 32 ਲੱਖ ਹੈਕਟੇਅਰ ਰਕਬੇ ‘ਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 185 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਦੇ ਮੰਡੀਕਰਨ ਸੀਜ਼ਨ 2024-25 ਲਈ ਪਹਿਲਾਂ ਹੀ 41,378 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗ੍ਰੇਡ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਪੰਜਾਬ ਦੀਆਂ ਖਰੀਦ ਏਜੰਸੀਆਂ ਜਿਵੇਂ ਕਿ ਪਨਗਰੇਨ, ਮਾਰਕਫੈਡ, ਪਨਸਪ, ਪੀ.ਐੱਸ.ਡਬਲਯੂ.ਸੀ ਅਤੇ ਐੱਫ.ਸੀ.ਆਈ. ਭਾਰਤ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ‘ਚ ਪਹੁੰਚਦਿਆਂ ਹੀ ਖ਼ਰੀਦਣ ਲਈ ਪਹਿਲਾਂ ਹੀ ਠੋਸ ਪ੍ਰਬੰਧ ਕੀਤੇ ਹਨ।

 

 

 

Exit mobile version