ਚੰਡੀਗੜ੍ਹ, 25 ਅਗਸਤ 2026: ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ‘ਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀਆਂ ਤਨਖਾਹਾਂ ‘ਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਸਰਕਾਰ ਮੁਤਾਬਕ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖ਼ਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ।
ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਦੇ ਵਫ਼ਦ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ‘ਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖ਼ਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ‘ਚ 120 ਫੀਸਦੀ ਤੋਂ ਵੱਧ ਵਾਧਾ ਕਰਕੇ ਰਾਹਤ ਦਿੱਤੀ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ‘ਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ, “ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”
ਮੁਲਾਜ਼ਮਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾ ਸਕਣ।”
Read More: ਪੰਜਾਬ ਸਰਕਾਰ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਬਣੀ ਲੋਕਾਂ ਦੀ ਮਜ਼ਬੂਤ ਆਵਾਜ਼




