ਚੰਡੀਗੜ੍ਹ, 25 ਮਾਰਚ 2025: ਪੰਜਾਬ ਸਰਕਾਰ ਨੇ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਚਲਾਈਆਂ ਜਾਣ ਵਾਲੀਆਂ ਹੈਲਪਲਾਈਨ ਸੇਵਾਵਾਂ ਨੂੰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ 252 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਵੱਲੋਂ ਸਾਂਝੀ ਕੀਤੀ ਗਈ ਹੈ |
ਇਸ ਸੰਬੰਧੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੰਬੰਧਿਤ ਵਿਭਾਗ ਵੱਲੋਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ 181 ਮਹਿਲਾ ਹੈਲਪਲਾਈਨ ਅਤੇ 1098 ਚਾਈਲਡ ਹੈਲਪਲਾਈਨ ਸਥਾਪਤ ਕੀਤੀ ਗਈ ਹੈ। ਇਨ੍ਹਾਂ ਹੈਲਪਲਾਈਨਾਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦੀ ਕੁਸ਼ਲਤਾ ਵਧਾਉਣ ਲਈ, ਸੈਕਟਰ-35, ਚੰਡੀਗੜ੍ਹ ਵਿਖੇ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ERSS) ਨਾਲ ਜੁੜਿਆ ਹੋਇਆ ਹੈ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਇਹ ਪਹਿਲਕਦਮੀ ਮੁਸੀਬਤ ‘ਚ ਫਸੀਆਂ ਔਰਤਾਂ ਅਤੇ ਬੱਚਿਆਂ ਲਈ ਪ੍ਰਤੀਕਿਰਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਮਨਜ਼ੂਰ ਕੀਤੀਆਂ ਨਵੀਆਂ ਅਸਾਮੀਆਂ ਬਿਹਤਰ ਤਾਲਮੇਲ, ਤੇਜ਼ ਪ੍ਰਤੀਕਿਰਿਆ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਣਗੀਆਂ, ਜਿਸ ਨਾਲ ਹੈਲਪਲਾਈਨ ਸੇਵਾਵਾਂ ਸੂਬੇ ਭਰ ‘ਚ ਸੁਚਾਰੂ ਢੰਗ ਨਾਲ ਕੰਮ ਕਰਨ ਦੇ ਯੋਗ ਹੋਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ, ਸੂਬਾ ਸਰਕਾਰ ਦੁਆਰਾ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਹਾਲ ਹੀ ਵਿੱਚ “ਹਿਫਾਜ਼ਤ ਪ੍ਰੋਜੈਕਟ” ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਿਹਾ ਹੈ ਅਤੇ ਇਸਨੂੰ ਸਫਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੰਤਰੀ ਨੇ ਇਹ ਵੀ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ “ਹਿਫਾਜ਼ਤ ਪ੍ਰੋਜੈਕਟ” ਨਾਲ ਜੁੜੇ ਵਿਭਾਗ ਸਾਰੀਆਂ ਸਹੂਲਤਾਂ ਨਾਲ ਲੈਸ ਹੋਣਗੇ ਤਾਂ ਜੋ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ।
Read More: ਪੰਜਾਬ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਲਈ ਚੁੱਕਿਆ ਵੱਡਾ ਕਦਮ, ਸ਼ੁਰੂ ਕੀਤਾ ਇਹ ਪ੍ਰੋਜੈਕਟ