ਚੰਡੀਗੜ੍ਹ 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ (medical officers) ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੈਡੀਕਲ ਅਫਸਰ (ਜਨਰਲ) (medical officers) ਦੀਆਂ 1940 ਖਾਲੀ ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।
ਇਸੇ ਤਰ੍ਹਾਂ ਮੰਤਰੀ ਮੰਡਲ (Punjab cabinet) ਨੇ ਗੁਰਦਾਸਪੁਰ ਵਿਖੇ ਨਵੇਂ ਅਪਗ੍ਰੇਡ ਕੀਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਲਈ 20 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਅਸਾਮੀਆਂ ਵਿੱਚ ਚਾਰ ਮੈਡੀਕਲ ਅਫਸਰ, ਪੰਜ ਸਟਾਫ ਨਰਸਾਂ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ, ਐਕਸ-ਰੇ ਟੈਕਨੀਸ਼ੀਅਨ, ਓ.ਟੀ. ਐਸਿਸਟੈਂਟ, ਦੋ ਮਲਟੀਟਾਸਕ ਵਰਕਰ, ਗਾਇਨਾਕੌਲੋਜਿਸਟ, ਬੱਚਿਆਂ ਦੇ ਮਾਹਿਰ ਡਾਕਟਰ, ਸਰਜਨ, ਮੈਡੀਸਨ ਅਤੇ ਡੈਂਟਿਸਟ ਸਮੇਤ ਸਪੈਸ਼ਲਿਸਟ ਡਾਕਟਰ ਸ਼ਾਮਲ ਹਨ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਇਸ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਦੀ ਸਮਰੱਥਾ ਵਾਲੇ ਸਿਹਤ ਕੇਂਦਰ ਵਜੋਂ ਅਪਗ੍ਰੇਡ ਕੀਤਾ ਹੈ ਤਾਂ ਕਿ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੰਤਰੀ ਮੰਡਲ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 829 ਕਲੀਨਿਕਾਂ ਵਿੱਚੋਂ 308 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਜਦਕਿ 521 ਕਲੀਨਿਕ ਪੇਂਡੂ ਇਲਾਕਿਆਂ ਵਿੱਚ ਸਥਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆ ਜਾਂਦੀਆਂ ਹਨ, ਜਿਸ ਵਿੱਚ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ ਅਤੇ ਵਾਇਰਲ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਲੀਨਿਕ ਵਿੱਚ ਵੱਖ-ਵੱਖ ਕਿਸਮ ਦੇ 38 ਟੈਸਟ ਕੀਤੇ ਜਾਂਦੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 7 ਮਾਰਚ, 2024 ਤੱਕ ਕੁੱਲ 1,12,79,048 ਮਰੀਜ਼ਾਂ ਦਾ ਇਲਾਜ ਹੋਇਆ ਅਤੇ ਕੁੱਲ 31,69,911 ਡਾਇਗਨੋਸਟਿਕ ਟੈਸਟ ਕੀਤੇ ਗਏ ਹਨ।