ਚੰਡੀਗੜ੍ਹ 05 ਜਨਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ਾ (Toll Plaza) ਦੀਆਂ ਪਰਚੀਆਂ ਫਰੀ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਨਵੇਂ ਵਾਹਨਾਂ ‘ਤੇ ਰੋਡ ਟੈਕਸ ਵਸੂਲਦੀ ਹੈ ਤਾਂ ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਟੋਲ ਪਲਾਜ਼ੇ ਲਗਾਉਣਾ ਸਰਾਸਰ ਗਲਤ ਹੈ। ਕਿਉਂਕਿ ਸਰਕਾਰ ਪਹਿਲਾਂ ਹੀ ਵਾਹਨਾਂ ਤੋਂ ਟੈਕਸ ਵਸੂਲਦੀ ਹੈ। ਇਨ੍ਹਾਂ ਟੋਲ ਪਲਾਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਰਣਨੀਤੀ ਘੜੀ ਜਾ ਰਹੀ ਹੈ।
ਫਿਲਹਾਲ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਪਰਚੀਆਂ ਦੁਪਹਿਰ 12 ਤੋਂ 3 ਵਜੇ ਤੱਕ ਮੁਫਤ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚਾ ਪੂਰੇ ਜ਼ੋਰਾਂ ‘ਤੇ ਹੈ। ਸਰਕਾਰ ਵਲੋਂ ਜੋ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਲਈ ਲੜ ਰਹੇ ਹਨ। ਕਿਸਾਨਾਂ ਵੱਲੋਂ ਸ਼ਰਾਬ ਫੈਕਟਰੀ ਨੂੰ ਲੈ ਕੇ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ। ਇਸ ਫੈਕਟਰੀ ਨੂੰ ਹਰ ਕੀਮਤ ‘ਤੇ ਬੰਦ ਰੱਖਣਗੇ ਕਿਉਂਕਿ ਇਸ ਫੈਕਟਰੀ ਨੇ ਉਥੇ ਦਾ ਪਾਣੀ ਦੂਸ਼ਿਤ ਕਰ ਦਿੱਤਾ ਹੈ। ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਹ ਹਵਾ ਨੂੰ ਪ੍ਰਦੂਸ਼ਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ। ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਤੇ ਨਾ ਕਿਤੇ ਭਗਤ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨਿੱਤਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੋਰਚਾ ਚੁੱਕਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਣ ਦੇ ਬਾਵਜੂਦ ਇਹ ਫੈਕਟਰੀ ਬੰਦ ਕੀਤੀ ਜਾਵੇਗੀ।