ਚੰਡੀਗੜ੍ਹ, 31 ਜਨਵਰੀ 2023: ਪੀਐਸਆਈਈਸੀ (PSIEC) ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਸੂਬੇ ਵਿੱਚ ਵਧੀਆ ਉਦਯੋਗਿਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਪੀਐਸਆਈਈਸੀ (PSIEC) ਦੇ ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਅੱਜ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਢਿੱਲੋਂ ਨੇ ਕਿਹਾ ਕਿ ਜਲਦੀ ਹੀ ਸੂਬੇ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਯਕਮੁਸ਼ਤ ਨਿਬੇੜਾ ਨੀਤੀ (ਵਨ ਟਾਈਮ ਸੈਟਲਮੈਂਟ ਪਾਲਿਸੀ) ਸ਼ੁਰੂ ਕੀਤੀ ਜਾਵੇਗੀ। ਇਸੇ ਤਰ੍ਹਾਂ ਸਨਅਤਕਾਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਪ੍ਰਵਾਨਗੀ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਚੱਲ ਰਿਹਾ ਲੁੱਟ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਉਦਯੋਗਿਕ ਖੇਤਰ ਜਲਦੀ ਹੀ ਤਰੱਕੀ ਦੀਆਂ ਬੁਲੰਦੀਆਂ ਛੂਹੇਗਾ |