ਪੰਜਾਬ, 16 ਸਤੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਬੰਧਤ ਮਾਮਲਿਆਂ ‘ਤੇ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਇੱਕ ਉੱਚ-ਪੱਧਰੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ।
ਇਹ ਨਵੀਂ ਬਣੀ ਤਾਲਮੇਲ ਕਮੇਟੀ ਮੁੱਖ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਪਹਿਲਾਂ ਹੀ ਗਠਿਤ ਕਮੇਟੀ ਨਾਲ ਨਿਰੰਤਰ ਸੰਪਰਕ ਅਤੇ ਤਾਲਮੇਲ ਬਣਾਈ ਰੱਖੇਗੀ, ਜਿਸ ਨਾਲ ਧਾਰਮਿਕ ਮਰਿਆਦਾ ਅਤੇ ਕਾਨੂੰਨ ਵਿਵਸਥਾ ਵਿਚਕਾਰ ਸੰਪੂਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ।

ਪੰਜਾਬ ਸਰਕਾਰ ਵੱਲੋਂ ਜਾਰੀ ਗਈ ਸੂਚੀ ਮੁਤਾਬਕ, ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ‘ਚ ਧਾਰਮਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਸ਼ਾਮਲ ਹਨ। ਜਿਨ੍ਹਾਂ ‘ਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਅਧਿਕਾਰੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਸੀਨੀਅਰ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਮਰਿਆਦਾ, ਸਤਿਕਾਰ ਅਤੇ ਬੇਅਦਬੀ ਨਾਲ ਸਬੰਧਤ ਕਾਨੂੰਨਾਂ ਨੂੰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਅਕਾਲ ਤਖ਼ਤ ਸਾਹਿਬ ਨਾਲ ਮਿਲ ਕੇ ਕੰਮ ਕਰਨ ‘ਚ ਇਤਿਹਾਸਕ ਭੂਮਿਕਾ ਨਿਭਾਏਗੀ।
Read More: ਭਾਜਪਾ ਪਹਿਲਾਂ ਮੁੰਦਰਾ ਬੰਦਰਗਾਹ ਸੰਭਾਲਣ, ਫਿਰ ਪੰਜਾਬ ‘ਚ ਕੱਢੋ ਯਾਤਰਾ: ਹਰਪਾਲ ਚੀਮਾ




