ਮੁਕਾਬਲੇ ਵਾਲੀਆਂ ਪ੍ਰੀਖਿਆਵਾਂ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਯਤਨ ਜਾਰੀ: CM ਭਗਵੰਤ ਮਾਨ

ਬਠਿੰਡਾ, 11 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ‘ਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਹਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਹੈ। ਇਸ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਖਾਸ ਕਰਕੇ ਪੇਂਡੂ ਖੇਤਰਾਂ ਦੇ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਸਹੂਲਤ ਦੇਣਾ ਹੈ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲੇ ਬੈਚ ‘ਚ 40 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਹੈ। ਉਨ੍ਹਾਂ ਕਿਹਾ “ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਇਹ ਸਰੀਰਕ ਸਿਖਲਾਈ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰ ਟ੍ਰੇਨਰਾਂ ਦੁਆਰਾ ਸੀ-ਪਾਈਟ ਮੈਦਾਨ ‘ਚ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ, ਵਿਦਿਆਰਥੀਆਂ ਨੂੰ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਸੂਬਾ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।’’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਰੂਰੀ ਅਧਿਐਨ ਸਮੱਗਰੀ ਅਤੇ ਮਹਿੰਗੀਆਂ ਕਿਤਾਬਾਂ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿੰਦੀਆਂ ਹਨ। ਉਨ੍ਹਾਂ ਆਖਿਆ “ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣਿਆ ਜਾਵੇਗਾ ਅਤੇ ਲੋੜੀਂਦੀਆਂ ਕਿਤਾਬਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਹੈ, ਜਿਸ ਨਾਲ ਮਹੱਤਵਪੂਰਨ ਵਿੱਤੀ ਬੱਚਤ ਹੁੰਦੀ ਹੈ।’’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਅਧਿਆਪਕ-ਮਾਰਗ ਦਰਸ਼ਕ ਮਾਡਲ ਦੀ ਪਾਲਣਾ ਕਰਦਾ ਹੈ, ਇਸ ‘ਚ ਫੈਕਲਟੀ ਮੈਂਬਰ ਖੁਦ ਉਮੀਦਵਾਰ ਹੁੰਦੇ ਹਨ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ “ਇਹ ਪਹਿਲਕਦਮੀ ‘ਨੌਜਵਾਨਾਂ ਦੀ ਮੱਦਦ ਕਰਨ ਵਾਲੇ’ ਮਾਡਲ ਵਜੋਂ ਉੱਭਰੀ ਹੈ ਅਤੇ ਇਸ ਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ “ਕੋਈ ਵੀ ਪਿੱਛੇ ਨਾ ਰਹੇ” ਦੇ ਸਿਧਾਂਤ ‘ਤੇ ਅਧਾਰਤ ਹੈ ਅਤੇ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕਿਆਂ ਅਤੇ ਸਰਕਾਰੀ ਸੇਵਾਵਾਂ ‘ਚ ਬਠਿੰਡਾ ਦੇ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਵਧਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾਉਣ ਵੱਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ “ਪੰਜਾਬ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ‘ਚ ਪ੍ਰਵੇਸ਼ ਕਰ ਗਿਆ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਜੀਵਨ ‘ਚ ਉੱਤਮਤਾ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਨਤੀਜੇ ਦੇ ਰਹੀ ਹੈ।

Read More: CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੀ ਸੌਗਾਤ

ਵਿਦੇਸ਼

Scroll to Top