ਚੰਡੀਗੜ੍ਹ/ਮਲੋਟ, 15 ਅਪ੍ਰੈਲ 2025: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ (Principals Quota) 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ 500 ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਹੋਇਆ ਹੈ |
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕਾਂ ਦੀ ਭਲਾਈ ਅਤੇ ਸੂਬੇ ‘ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਜਿਉਂਦਾ ਜਾਗਦਾ ਸਬੂਤ ਹੈ।
ਹਰਜੋਤ ਸਿੰਘ ਬੈਂਸ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਏ ਗਲਤ ਫੈਸਲੇ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2018 ‘ਚ ਕਾਂਗਰਸ ਸਰਕਾਰ ਨੇ ਇਹ ਕੋਟਾ 75 ਫੀਸਦੀ ਤੋਂ ਘਟਾ ਕੇ 50 ਫੀਸਦੀ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲਾਂ ਦੀ ਘਾਟ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਇਸ ਕੋਟੇ ਨੂੰ ਦੁਬਾਰਾ ਵਧਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਿੰਸੀਪਲਾਂ ਦੇ ਕੋਟੇ (Principals Quota) ਵਿੱਚ ਇਹ ਵਾਧਾ ਮਾਹਰ ਅਤੇ ਯੋਗ ਅਧਿਆਪਕਾਂ ਨੂੰ ਵਿਸ਼ੇਸ਼ ਲੀਡਰਸ਼ਿਪ ਭੂਮਿਕਾਵਾਂ ਨਿਭਾਉਣ ਦੇ ਵਧੇਰੇ ਮੌਕੇ ਪ੍ਰਦਾਨ ਕਰੇਗਾ, ਜਿਸ ਨਾਲ ਸਕੂਲਾਂ ‘ਚ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਅਹਿਮ ਫੈਸਲਾ ਨਾ ਸਿਰਫ਼ ਅਧਿਆਪਕਾਂ ਦੀ ਤਰੱਕੀ ‘ਚ ਆ ਰਹੀ ਦਿੱਕਤ ਨੂੰ ਦੂਰ ਕਰੇਗਾ ਸਗੋਂ ਅਕਾਦਮਿਕ ਵਿਕਾਸ ਲਈ ਵਧੇਰੇ ਅਨੁਕੂਲ ਅਤੇ ਪ੍ਰੇਰਨਾਦਾਇਕ ਮਾਹੌਲ ਵੀ ਪੈਦਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ।
Read More: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ