ਚੰਡੀਗੜ੍ਹ, 03 ਫਰਵਰੀ 2025: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਸੰਬਰ 2024 ਤੱਕ ਬਜ਼ੁਰਗ ਨਾਗਰਿਕਾਂ ਨੂੰ ਪੈਨਸ਼ਨ ਰਾਸ਼ੀ ਵਜੋਂ 3,368.89 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ |
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸੂਬੇ ‘ਚ ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ‘ਚ ਬਜ਼ੁਰਗ, ਦਿਵਿਆਂਗ ਵਿਅਕਤੀ, ਵਿਧਵਾਵਾਂ, ਬੇਸਹਾਰਾ ਮਹਿਲਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਪੰਜਾਬ ‘ਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ ਜਿਨ੍ਹਾਂ ਨੂੰ ਦਸੰਬਰ 2024 ਤੱਕ 3,368.89 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ (Dr. Baljit Kaur)ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5,924.50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ‘ਚੋਂ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਭੇਜੀ ਜਾਂਦੀ ਹੈ।
Read More: Pension: ਪੰਜਾਬ ‘ਚ ਸਟੇਟ ਪੈਨਸ਼ਨ ਸਕੀਮ ਅਧੀਨ 1,07,571 ਲਾਭਪਾਤਰੀ ਅਯੋਗ, 44.34 ਕਰੋੜ ਰੁਪਏ ਦੀ ਕੀਤੀ ਰਿਕਵਰੀ




