ਪੰਜਾਬ, 15 ਸਤੰਬਰ 2025: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਦਾਨ ਕੀਤਾ ਹੈ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ‘ਚ 56 ਕੀਮਤੀ ਜਾਨਾਂ ਗਈਆਂ ਅਤੇ ਇਨ੍ਹਾਂ ‘ਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਛੇਤੀ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ (Hardeep Singh Mundian) ਨੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸਨੂੰ ਛੇਤੀ ਤੋਂ ਛੇਤੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਪੇਂਡੂ ਖੇਤਰਾਂ ‘ਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਥਿਤੀ ਨੂੰ ਆਮ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਸਫਾਈ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਕੰਮ ਤਹਿਤ, ਹੜ੍ਹ ਪ੍ਰਭਾਵਿਤ ਪਿੰਡਾਂ ‘ਚੋਂ ਗਾਦ ਅਤੇ ਮਲਬਾ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਈਓਜ਼ ਦੀ ਸਹਾਇਤਾ ਲਈ ਨੋਡਲ ਅਫਸਰ ਤਾਇਨਾਤ ਕੀਤੇ ਹਨ ਤਾਂ ਜੋ ਸਫਾਈ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਜਾਂਚ ਲਈ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ |
Read More: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਵੱਲੋਂ CM ਨਾਇਬ ਸਿੰਘ ਸੈਣੀ ਨਾਲ ਮੁਲਾਕਾਤ, ਹਾਂਸੀ–ਬੂਟਾਣਾ ਦੇ ਹੱਲ ਦੀ ਕੀਤੀ ਮੰਗ