ਹੜ੍ਹ ਪੀੜਤ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ

ਚੰਡੀਗੜ੍ਹ, 14 ਨਵੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬਿਟਰ ਦਿਨ ਹਲਕਾ ਲਹਿਰਾਗਾਗਾ ਵਿਖੇ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਪੰਜਾਬ ਵਾਸੀਆਂ ਨਾਲ ਹੈ।

ਦੂਜੇ ਪਾਸੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ | ਰਾਹਤ ਵੰਡ ਪ੍ਰਕਿਰਿਆ ਦੇ ਤੀਜੇ ਪੜਾਅ ਦੇ ਲਗਾਤਾਰ ਤੀਜੇ ਦਿਨ ਪੰਜਾਬ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣੀ ਵਿਆਪਕ ਪਹੁੰਚ ਨੂੰ ਜਾਰੀ ਰੱਖਦਿਆਂ ਪੰਜਾਬ ਭਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ‘ਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਬੰਡਾਲਾ ਵਿਖੇ 732 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 4.85 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਇਸਦੇ ਨਾਲ ਹੀ ‘ਆਪ’ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਭੁਲੱਥ ਹਲਕੇ (ਕਪੂਰਥਲਾ) ਅਧੀਨ ਪੈਂਦੇ ਪਿੰਡ ਸੰਗੋਜਲਾ ਅਤੇ ਨਬੀ ਬਖਸ਼ ਵਾਲਾ ਦੇ ਪ੍ਰਭਾਵਿਤ ਪਰਿਵਾਰਾਂ ਨੂੰ 7.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਜਿਕਰਯੋਗ ਹੈ ਕਿ ਕੁਦਰਤੀ ਆਫ਼ਤ ਨੁਕਸਾਨੇ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ‘ਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਮਕਸਦ ਨਾਲ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

Read More: ਪੰਜਾਬ ਦੀ ‘ਆਪ’ ਸਰਕਾਰ ਦੇ ਅੰਕੜੇ, ਸੂਬੇ ‘ਚ 10.32 ਲੱਖ ਨਵੇਂ ਛੋਟੇ ਉਦਯੋਗ ਲੱਗੇ

Scroll to Top