ਲੁਧਿਆਣਾ, 12 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜੂਨ ਤੋਂ ਜ਼ੋਨ ਪੱਧਰੀ ਝੋਨੇ ਦੀ ਕਾਸ਼ਤ (Paddy cultivation) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੂਬੇ ਨੂੰ ਤਿੰਨ ਜ਼ੋਨਾਂ ‘ਚ ਵੰਡਿਆ ਹੈ ਅਤੇ ਤਿੰਨਾਂ ਜ਼ੋਨਾਂ ‘ਚ ਪੈਂਦੇ ਜ਼ਿਲ੍ਹਿਆਂ ‘ਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋਵੇਗੀ।”
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਪ੍ਰਦਾਤਾ ਹੈ ਕਿਉਂਕਿ ਇਹ ਰਾਸ਼ਟਰੀ ਅਨਾਜ ਭੰਡਾਰ ‘ਚ 45 ਪ੍ਰਤੀਸ਼ਤ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ‘ਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਕਿ ਬਹੁਤ ਵੱਡੀ ਮਾਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਕੱਢ ਕੇ, ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗੇ, ਜੋ ਕਿ ਸਾਡੀ ਹੋਂਦ ਦਾ ਮੂਲ ਸਰੋਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਕਿਲੋ ਝੋਨਾ ਪੈਦਾ ਕਰਨ ਲਈ 4 ਹਜ਼ਾਰ ਲੀਟਰ ਪਾਣੀ ਦੀ ਲੋੜ ਹੁੰਦੀ ਹੈ, ਇਸ ਲਈ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਵਜੂਦ ਲਈ ਖ਼ਤਰਾ ਹਨ, ਜਿਸ ਕਾਰਨ ਸੂਬਾ ਸਰਕਾਰ ਇਸਦਾ ਹੱਲ ਲੱਭਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਕਾਸ਼ਤ 20 ਲੱਖ ਹੈਕਟੇਅਰ ਤੋਂ ਵਧ ਕੇ 32 ਲੱਖ ਹੈਕਟੇਅਰ ਹੋ ਗਈ ਹੈ, ਜਿਸ ਕਾਰਨ ਖੇਤਾਂ ਦੀ ਸਿੰਚਾਈ ਲਈ ਪਾਣੀ ਦੀ ਲੋੜ ਵੀ ਵਧੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਲਈ ਸੂਬੇ ਨੂੰ ਤਿੰਨ ਜ਼ੋਨਾਂ ‘ਚ ਵੰਡਿਆ ਗਿਆ ਹੈ। ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ‘ਚ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋ ਜਾਵੇਗੀ।
ਇਸਦੇ ਨਾਲ ਹੀ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ), ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ‘ਚ ਬਿਜਾਈ 5 ਜੂਨ ਤੋਂ ਸ਼ੁਰੂ ਹੋਵੇਗੀ। ਬਾਕੀ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਜਲੰਧਰ, ਮਾਨਸਾ, ਮਲੇਰਕੋਟਲਾ, ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ‘ਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਧ ਪਾਣੀ ਦੀ ਖਪਤ ਕਰਨ ਵਾਲੀ ਝੋਨੇ ਦੀ ਪੂਸਾ 44 ਕਿਸਮ ਦੀ ਕਾਸ਼ਤ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੀ ਕਾਸ਼ਤ ਵਿੱਚ ਲਗਭਗ 152 ਦਿਨ ਲੱਗਦੇ ਹਨ ਅਤੇ ਪ੍ਰਤੀ ਏਕੜ 64 ਲੱਖ ਲੀਟਰ ਪਾਣੀ ਦੀ ਲੋੜ ਹੁੰਦੀ ਹੈ, ਇਸ ਤੋਂ ਇਲਾਵਾ, ਸਰਕਾਰ ਨੂੰ ਬਿਜਲੀ ਲਈ ਪ੍ਰਤੀ ਏਕੜ 7,500 ਰੁਪਏ ਖਰਚ ਆਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਲਗਭਗ ਰੁਪਏ ਦਾ ਖਰਚਾ ਕਰਨਾ ਪੈਂਦਾ ਹੈ। ਇਸ ਕਿਸਮ ਦੀ ਕਾਸ਼ਤ ਲਈ ਪ੍ਰਤੀ ਏਕੜ 19,000 ਰੁਪਏ ਖਰਚ ਆਉਂਦਾ ਹੈ ਅਤੇ ਇਹ ਦੂਜੀਆਂ ਕਿਸਮਾਂ ਨਾਲੋਂ 10 ਪ੍ਰਤੀਸ਼ਤ ਜ਼ਿਆਦਾ ਪਰਾਲੀ ਪੈਦਾ ਕਰਦੀ ਹੈ।
ਸੂਬਾ ਸਰਕਾਰ ਝੋਨੇ ਦੇ ਸੀਜ਼ਨ (Paddy cultivation) ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਨਹਿਰੀ ਪਾਣੀ ਉਪਲਬਧ ਹੈ, ਉੱਥੇ ਰਾਤ ਨੂੰ ਅੱਠ ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ 15947 ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਪਿੰਡਾਂ ਵਿੱਚ ਵੀ ਪਾਣੀ ਖੇਤਾਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ 75 ਪ੍ਰਤੀਸ਼ਤ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।
Read More: ਕਿਸਾਨਾਂ ਲਈ ਅਹਿਮ ਜਾਣਕਾਰੀ, ਜਾਣੋ ਕਦੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ