ਚੰਡੀਗੜ੍ਹ, 28 ਫਰਵਰੀ 2025: ਪੰਜਾਬ ਸਰਕਾਰ ਨੇ ਐਨ.ਓ.ਸੀ. (NOC) ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਤਾਰੀਖ਼ ‘ਚ ਵਾਧਾ ਕਰ ਦਿੱਤਾ ਹੈ | ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਰਜਿਸਟ੍ਰੇਸ਼ਨ ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਸਹੂਲਤ ਦੀ ਆਖਰੀ ਤਾਰੀਖ਼ 31 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
ਹਾਊਸਿੰਗ ਨਿਰਮਾਣ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਤਾਰੀਖ਼ ਛੇ ਮਹੀਨੇ ਵਧਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਮੁਤਾਬਕ ਐਨਓਸੀ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਦਿੱਤਾ ਗਿਆ ਸੀ। ਹੁਣ ਇਹ ਸਹੂਲਤ 31 ਅਗਸਤ 2025 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. (NOC) ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਅਤੇ ਨਾਲ ਹੀ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਨਿਯੰਤਰਣ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸਦਾ ਉਦੇਸ਼ ਪਲਾਟਾਂ ਦੀ ਰਜਿਸਟ੍ਰੇਸ਼ਨ ‘ਚ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ਨੂੰ ਰੋਕਣਾ ਹੈ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਹ ਫੈਸਲਾ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਹੈ। ਕੋਈ ਵੀ ਵਿਅਕਤੀ ਜਿਸਨੇ 31 ਜੁਲਾਈ, 2024 ਤੱਕ ਕਿਸੇ ਅਣਅਧਿਕਾਰਤ ਕਲੋਨੀ ‘ਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਪਾਵਰ ਆਫ਼ ਅਟਾਰਨੀ ਜਾਂ ਸਟੈਂਪ ਪੇਪਰ ‘ਤੇ ਵਿਕਰੀ ਇਕਰਾਰਨਾਮਾ ਕੀਤਾ ਹੈ, ਉਸਨੂੰ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਲੋੜ ਨਹੀਂ ਹੋਵੇਗੀ।
Read More: ਹਰਦੀਪ ਸਿੰਘ ਮੁੰਡੀਆਂ ਵੱਲੋਂ NOC ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ