ਬਿਕਰਮ ਮਜੀਠੀਆ

ਬਿਕਰਮ ਮਜੀਠੀਆ ਸੰਬੰਧੀ ਕੇਸ ‘ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਅਦਾਲਤ ‘ਚ ਜਵਾਬ ਦਾਇਰ

ਮੋਹਾਲੀ, 25 ਜੁਲਾਈ 2025: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਪਟੀਸ਼ਨ ਅਤੇ ਜੇਲ੍ਹ ‘ਚ ਬੈਰਕ ਬਦਲਣ ਦੀ ਮੰਗ ‘ਤੇ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ ਹੋਈ।

ਪੰਜਾਬ ਸਰਕਾਰ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ, ਪਰ ਹੁਣ ਇਸ ‘ਤੇ 30 ਜੁਲਾਈ ਨੂੰ ਸਵੇਰੇ 10 ਵਜੇ ਬਹਿਸ ਹੋਵੇਗੀ। ਫਿਲਹਾਲ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਬਿਕਰਮ ਮਜੀਠੀਆ (Bikram Singh Majithia) ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ‘ਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਏਡੀਜੀਪੀ ਜੇਲ੍ਹ ਤੋਂ ਰਿਪੋਰਟ ਮੰਗੀ ਸੀ, ਜੋ ਅੱਜ ਸੀਲਬੰਦ ਲਿਫਾਫੇ ‘ਚ ਦਾਇਰ ਕੀਤੀ ਗਈ ਸੀ। ਸਰਕਾਰ ਨੇ ਇਸਨੂੰ ਇੱਕ ਗੁਪਤ ਦਸਤਾਵੇਜ਼ ਮੰਨਣ ਦੀ ਅਪੀਲ ਕੀਤੀ, ਜਿਸਨੂੰ ਅਦਾਲਤ ਨੇ ਫਾਈਲ ਦਾ ਹਿੱਸਾ ਬਣਾਇਆ ਗਿਆ ਹੈ।

ਵਕੀਲਾਂ ਨੇ ਇਸ ਰਿਪੋਰਟ ਦੀ ਕਾਪੀ ਮੰਗੀ ਸੀ, ਜੋ ਉਨ੍ਹਾਂ ਨੂੰ ਮਿਲ ਗਈ ਹੈ। ਬੈਰਕ ਬਦਲਣ ਨਾਲ ਸਬੰਧਤ ਪਟੀਸ਼ਨ ‘ਤੇ 2 ਅਗਸਤ ਨੂੰ ਬਹਿਸ ਹੋਵੇਗੀ। ਮਜੀਠੀਆ ਇਸ ਸਮੇਂ 2 ਅਗਸਤ ਤੱਕ ਨਿਆਂਇਕ ਹਿਰਾਸਤ ‘ਚ ਹਨ ਅਤੇ ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਇੱਕ ਮਹੀਨਾ ਹੋ ਗਿਆ ਹੈ।

ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਦਮਬੀਰ ਸਿੰਘ ਸੋਬਤੀ ਨੇ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ 2021 ‘ਚ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਮਾਮਲੇ ‘ਚ ਅਜੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਸਰਕਾਰ ਕੋਲ ਕੋਈ ਠੋਸ ਸਬੂਤ ਨਹੀਂ ਹੈ। ਸਰਕਾਰ ਕੋਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵੀ ਕੁਝ ਨਹੀਂ ਹੈ। ਇਸ ਦੇ ਨਾਲ ਹੀ ਤੀਜਾ ਮਾਮਲਾ ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਿਜੀਲੈਂਸ ਹੁਣ ਤੱਕ ਕੋਈ ਠੋਸ ਸਬੂਤ ਇਕੱਠਾ ਨਹੀਂ ਕਰ ਸਕੀ ਹੈ।

Read More: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ

Scroll to Top