July 5, 2024 12:54 am
ਸਕੂਲਾਂ ਦੀ ਜਾਂਚ

ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਜਾਂਚ ਲਈ 15 ਜਾਂਚ ਟੀਮਾਂ ਦਾ ਕੀਤਾ ਗਠਨ

ਚੰਡੀਗੜ੍ਹ 20 ਅਪ੍ਰੈਲ 2022: ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਧ ਰਹੀਆਂ ਫੀਸਾਂ ਅਤੇ ਪ੍ਰਾਈਵੇਟ ਸਕੂਲਾਂ (Private schools) ਵੱਲੋਂ ਵਰਦੀਆਂ ਅਤੇ ਕਿਤਾਬਾਂ ਖਰੀਦਣ ਦੇ ਦਬਾਅ ਤੋਂ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਲੇ ਇੱਕ ਹਫ਼ਤੇ ਦੌਰਾਨ ਸੂਬੇ ਦੇ 720 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕੋਈ ਵੀ ਪ੍ਰਾਈਵੇਟ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਕਿਤਾਬਾਂ ਦੀ ਦੁਕਾਨ ਜਾਂ ਕਿਸੇ ਵਿਸ਼ੇਸ਼ ਵਰਦੀ ਦੀ ਦੁਕਾਨ ਤੋਂ ਖਰੀਦਣ ਲਈ ਮਜਬੂਰ ਨਹੀਂ ਕਰੇਗਾ।ਇਸ ਦੇ ਲਈ ਸਰਕਾਰ ਨੇ 15 ਜਾਂਚ ਟੀਮਾਂ ਦਾ ਗਠਨ ਕੀਤਾ ਹੈ। ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਕਿਸੇ ਸਕੂਲ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਕੋਈ ਕਮੀ ਪਾਈ ਗਈ ਤਾਂ ਸਰਕਾਰ ਵੱਲੋਂ ਸਕੂਲਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।

ਸਰਕਾਰ ਨੇ ਦੋ ਸਾਲਾਂ ਲਈ ਸਕੂਲੀ ਵਰਦੀ ਨਾ ਬਦਲਣ ਦਾ ਫੈਸਲਾ ਕੀਤਾ ਹੈ, ਇਸੇ ਤਰ੍ਹਾਂ ਸਰਕਾਰ ਨੇ ਚਾਲੂ ਵਿੱਤੀ ਸਾਲ ਵਿੱਚ ਫੀਸਾਂ ਨਾ ਵਧਾਉਣ ਦਾ ਫੈਸਲਾ ਵੀ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬੱਚਿਆਂ ਦੇ ਮਾਪੇ ਸੰਤੁਸ਼ਟ ਹਨ ਪਰ ਦੂਜੇ ਪਾਸੇ ਪ੍ਰਾਈਵੇਟ ਸਕੂਲ ਸੰਚਾਲਕ ਇਸ ਤੋਂ ਨਾਰਾਜ਼ ਦੱਸੇ ਜਾ ਰਹੇ ਹਨ।