ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ‘ਚ ਸ਼ਾਮਲ ਸਾਰੇ ਹਿੱਸੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ

ਚੰਡੀਗੜ੍ਹ 13 ਅਗਸਤ 2025: ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਮੰਤਰੀ ਸਮੂਹ, ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ (transport) ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਨੇ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ਵਿੱਚ ਲੱਗੇ ਪੱਲੇਦਾਰਾਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ।

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਖਰੀਦ ਕਾਰਜਾਂ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਮੰਤਰੀ ਸਮੂਹ ਨੇ ਕਿਹਾ ਕਿ ਪੱਲੇਦਾਰਾਂ ਨੂੰ ਅਗਲੇ ਕਣਕ ਖਰੀਦ ਸੀਜ਼ਨ ਤੋਂ ਪਹਿਲਾਂ SOR ਦਰਾਂ ਵਿੱਚ ਵਾਧਾ ਦਿੱਤਾ ਜਾਵੇਗਾ। ਮੰਤਰੀ ਸਮੂਹ ਨੇ ਇਹ ਵੀ ਕਿਹਾ ਕਿ ਠੇਕੇਦਾਰਾਂ ਲਈ ਟੈਂਡਰ ਦਸਤਾਵੇਜ਼ ਵਿੱਚ ਮਜ਼ਦੂਰਾਂ ਦਾ ਜੀਵਨ ਬੀਮਾ ਕਰਵਾਉਣ ਦੀ ਸ਼ਰਤ ਸ਼ਾਮਲ ਕਰਨਾ ਵੀ ਲਾਜ਼ਮੀ ਬਣਾਇਆ ਜਾਵੇਗਾ।

ਪੱਲੇਦਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿ ਪੰਜਾਬ ਸਰਕਾਰ (punjab government) ਉਨ੍ਹਾਂ ਦੀਆਂ ਮੰਗਾਂ – ਜਿਵੇਂ ਕਿ ਹਰ ਸਾਲ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ, ਉਨ੍ਹਾਂ ਨੂੰ ਸਿੱਧਾ ਕੰਮ ਅਤੇ ਅਦਾਇਗੀ ਦੇਣਾ ਅਤੇ ਠੇਕੇਦਾਰਾਂ ਨੂੰ ਵਿਚੋਲਿਆਂ ਵਜੋਂ ਖਤਮ ਕਰਨਾ – ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਮੰਤਰੀ ਸਮੂਹ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਮੰਗਾਂ ਕੇਂਦਰ ਸਰਕਾਰ ਅਤੇ ਐਫ.ਸੀ.ਆਈ. ਨਾਲ ਸਬੰਧਤ ਹਨ ਅਤੇ ਰਾਜ ਸਰਕਾਰ ਇਨ੍ਹਾਂ ਮੰਗਾਂ ਨੂੰ ਉਨ੍ਹਾਂ ਨਾਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ।

ਮੰਡੀ ਗੋਦਾਮਾਂ ਵਿੱਚ ਮਜ਼ਦੂਰਾਂ ਲਈ ਬੁਨਿਆਦੀ ਸਫਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਬਾਰੇ, ਮੰਤਰੀ ਸਮੂਹ ਨੇ ਕਿਹਾ ਕਿ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੱਲੇਦਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਮੰਤਰੀ ਸਮੂਹ ਦਾ ਧੰਨਵਾਦ ਕੀਤਾ ਅਤੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਸ਼੍ਰੀ ਰਾਮਵੀਰ, ਵਧੀਕ ਸਕੱਤਰ ਪਨਗਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਮੌਜੂਦ ਸਨ।

Read More: ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Scroll to Top