ਏਆਈ ਆਧਾਰਿਤ ਕੈਂਸਰ ਸਕ੍ਰੀਨਿੰਗ ਨਾਲ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਦਿੱਤੀ ਨਵੀਂ ਦਿਸ਼ਾ
ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਆਧੁਨਿਕ, ਗੁਣਵੱਤਾ ਭਰੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਨਵੇਂ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਕੈਂਸਰ ਸਕ੍ਰੀਨਿੰਗ ਦੀ ਪਹਿਲ ਸੂਬੇ ਵਿੱਚ ਕੈਂਸਰ ਦੀ ਸ਼ੁਰੂਆਤੀ ਪਛਾਣ ਅਤੇ ਪ੍ਰਭਾਵਸ਼ਾਲੀ ਇਲਾਜ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਆਧੁਨਿਕ ਤਕਨਾਲੋਜੀ ਨੂੰ ਅਪਣਾਉਣ ਲਈ ਵਚਨਬੱਧ ਹੈ। ਏਆਈ ਆਧਾਰਿਤ ਕੈਂਸਰ ਸਕ੍ਰੀਨਿੰਗ ਪ੍ਰਣਾਲੀ ਰਾਹੀਂ ਖਾਸ ਤੌਰ ‘ਤੇ ਛਾਤੀ ਦੇ ਕੈਂਸਰ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਵਰਗੀਆਂ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਵਿੱਚ ਹੀ ਪਛਾਣ ਕਰਨ ਵਿੱਚ ਸਿਹਤ ਕਰਮਚਾਰੀਆਂ ਨੂੰ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਸਮੇਂ ਸਿਰ ਇਲਾਜ ਸ਼ੁਰੂ ਕਰਨਾ ਸੰਭਵ ਹੋ ਰਿਹਾ ਹੈ।
ਇਸ ਪਹਿਲਕਦਮੀ ਦਾ ਉਦੇਸ਼ ਛਾਤੀ ਦੇ ਕੈਂਸਰ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸਮੇਤ ਹੋਰ ਗੰਭੀਰ ਕੈਂਸਰਾਂ ਦੀ ਜਲਦੀ ਪਛਾਣ ਕਰਕੇ ਮੌਤ ਦਰ ਨੂੰ ਘਟਾਉਣਾ, ਇਲਾਜ ਦੀ ਸਫ਼ਲਤਾ ਦੀ ਸੰਭਾਵਨਾ ਨੂੰ ਵਧਾਉਣਾ ਅਤੇ ਲੋਕਾਂ ਨੂੰ ਆਪਣੇ ਨੇੜਲੇ ਸਿਹਤ ਕੇਂਦਰਾਂ ‘ਤੇ ਹੀ ਬਿਹਤਰ ਸਕ੍ਰੀਨਿੰਗ ਸੇਵਾਵਾਂ ਉਪਲਬਧ ਕਰਵਾਉਣਾ ਹੈ।
ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਡਿਜੀਟਲ ਅਤੇ ਤਕਨਾਲੋਜੀ-ਆਧਾਰਿਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਨਾਗਰਿਕ ਨੂੰ ਵਿਸ਼ਵ-ਪੱਧਰੀ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ। ਏਆਈ ਆਧਾਰਿਤ ਕੈਂਸਰ ਸਕ੍ਰੀਨਿੰਗ ਨਾਲ ਡਾਕਟਰਾਂ ਨੂੰ ਵੀ ਤੇਜ਼ ਅਤੇ ਸਹੀ ਫ਼ੈਸਲੇ ਲੈਣ ਵਿੱਚ ਮਦਦ ਮਿਲੇਗੀ, ਜਿਸ ਨਾਲ ਮਰੀਜ਼ਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਇਲਾਜ ਮੁਹੱਈਆ ਕਰਵਾਇਆ ਜਾ ਸਕੇਗਾ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਈ.ਸੀ.ਐਮ.ਆਰ. ਨੈਸ਼ਨਲ ਕੈਂਸਰ ਅੰਕੜਿਆਂ ਮੁਤਾਬਕ 2024 ‘ਚ ਪੰਜਾਬ ‘ਚ 42,288 ਨਵੇਂ ਕੈਂਸਰ ਕੇਸ ਸਾਹਮਣੇ ਆਏ, ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦੀ ਵੱਧ ਹੈ। ਐਨਐਫਐਚਐਸ-5 ਦੇ ਅੰਕੜਿਆਂ ਮੁਤਾਬਕ ਪੰਜਾਬ ‘ਚ 30-49 ਸਾਲ ਦੀ ਉਮਰ ਦੀਆਂ ਔਰਤਾਂ ‘ਚੋਂ ਸਿਰਫ਼ 0.3 ਫੀਸਦੀ ਔਰਤਾਂ ਦੀ ਛਾਤੀ ਦੇ ਕੈਂਸਰ ਲਈ ਅਤੇ ਸਿਰਫ਼ 2.4 ਫੀਸਦੀ ਦੀ ਬੱਚੇਦਾਨੀ ਦੇ ਕੈਂਸਰ ਲਈ ਸਕ੍ਰੀਨਿੰਗ ਕੀਤੀ ਹੈ।
ਸਰਕਾਰ ਦਾ ਉਦੇਸ਼ ਪ੍ਰਤੀ ਦਿਨ ਘੱਟੋ-ਘੱਟ 600 ਵਿਅਕੀਤਆਂ ਦੀ ਅੱਖਾਂ ਦੀ ਜਾਂਚ, 300 ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸਕ੍ਰੀਨਿੰਗ ਕਰਵਾਉਣਾ ਹੈ, ਜਿਸ ਨਾਲ ਬਿਮਾਰੀ ਦਾ ਜਲਦ ਪਤਾ ਲਗਾਉਣ ਸਬੰਧੀ ਦਰਾਂ ਵਿੱਚ ਮਹੱਤਵਪੂਰਨ ਵਾਧਾ ਹੁੰਦਾ ਹੈ ਅਤੇ ਟਰਸ਼ਰੀ ਕੇਅਰ ਦੀਆਂ ਦੇਖਭਾਲ ਸਹੂਲਤਾਂ `ਤੇ ਬੋਝ ਘਟਦਾ ਹੈ।
ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨਾਗਰਿਕ ਨੂੰ ਗੁਣਵੱਤਾ ਭਰੀ, ਸਸਤੀ ਅਤੇ ਆਧੁਨਿਕ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਸਿਹਤ ਖੇਤਰ ਵਿੱਚ ਤਕਨਾਲੋਜੀ ਦੀ ਵਰਤੋਂ ਰਾਹੀਂ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।




