ਚੰਡੀਗੜ੍ਹ, 04 ਅਪ੍ਰੈਲ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਜੀਵਨਜੋਤ’ (Project Jeevanjot) ਨੇ ਜੁਲਾਈ 2024 ਤੋਂ ਲਾਗੂ ਹੋਣ ਤੋਂ ਬਾਅਦ ਹੁਣ ਤੱਕ 268 ਬੱਚਿਆਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਬੱਚੇ ਦੀ ਦੇਖਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ‘ਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬਚੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ (Project Jeevanjot) ਦਾ ਮੁੱਖ ਮਕਸਦ ਗਲੀਆਂ ਤੋਂ ਭੀਖ ਮੰਗਦੇ ਬੱਚਿਆਂ ਨੂੰ ਬਚਾਉਣਾ, ਉਨ੍ਹਾਂ ਦਾ ਪੁਨਰਵਾਸ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨਾ ਹੈ। ਇਸ ਪ੍ਰੋਜੈਕਟ ਨੂੰ ਜ਼ਿਲ੍ਹਾ ਪੱਧਰ ‘ਤੇ ਗਠਿਤ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਦੀ ਦੇਖਭਾਲ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਕੋਸ਼ਿਸ਼ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ।
Read More: ਪੰਜਾਬ ਸਰਕਾਰ ਵੱਲੋਂ ਮਿਸ਼ਨ ਜੀਵਨਜੋਤ ਤਹਿਤ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ