ਚੰਡੀਗੜ੍ਹ, 29 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ (Punjab Cabinet) ਨੇ ਹਾਊਸ ਸਰਜਨਾਂ/ਹਾਊਸ ਫਿਜ਼ੀਸ਼ਨਾਂ ਦੀਆਂ ਸੇਵਾਵਾਂ ਵਧਾਉਣ ਨਾਲ ਸੰਬੰਧਿਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਨੀਤੀ ‘ਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ । ਇਸ ਮਕਸਦ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਸੁਚਾਰੂ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ।
ਇਸਦੇ ਨਾਲ ਹੀ ਰਾਜਪਾਲ ਦੀ ਸਿਫ਼ਾਰਸ਼ ‘ਤੇ ਕੰਪਟਰੋਲਰ ਤੇ ਆਡੀਟਰ ਜਨਰਲ, ਭਾਰਤ ਸਰਕਾਰ ਦੀਆਂ ਆਡਿਟ ਰਿਪੋਰਟਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਸਦਨ ‘ਚ ਰੱਖਣ ਨੂੰ ਪ੍ਰਵਾਨਗੀ ਦਿੱਤੀ ਹੈ |
ਪੰਜਾਬ ਮੰਤਰੀ ਮੰਡਲ (CM Bhagwant Mann) ਨੇ ਸੂਬੇ ਦੀਆਂ ਜੇਲ੍ਹਾਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਤਿੰਨ ਕੈਦੀਆਂ ਦੀ ਅਗਾਊਂ ਰਿਹਾਈ ਨੂੰ ਵੀ ਮਨਜ਼ੂਰੀ ਦੇ ਦਿੱਤੀ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਮੰਤਰੀ ਮੰਡਲ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਰਿਹਾਈ ਦੇ ਕੇਸ ਹੁਣ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਕਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਪੰਜਾਬ ਮੰਤਰੀ ਮੰਡਲ ਨੇ ਡਿਊਟੀ ਦੌਰਾਨ ਫੌਤ ਹੋਏ ਡੀ.ਐਸ.ਪੀ. ਦੀ ਘਰਵਾਲੀ ਨੂੰ ਸਰਕਾਰੀ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਸ ਫੈਸਲੇ ਮੁਤਾਬਕ ਮਰਹੂਮ ਡੀ.ਐਸ.ਪੀ. ਸੰਦੀਪ ਸਿੰਘ ਦੀ ਘਰਵਾਲੀ ਰੁਪਿੰਦਰ ਕੌਰ ਨੂੰ ਤਰਸ ਦੇ ਆਧਾਰ ‘ਤੇ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੀ.ਪੀ.ਐਸ. ਅਫ਼ਸਰ ਸੰਦੀਪ ਸਿੰਘ ਦੀ ਚੋਣ ਡਿਊਟੀ ਕਰਦਿਆਂ 5 ਤੇ 6 ਅਪ੍ਰੈਲ 2024 ਦੀ ਦਰਮਿਆਨੀ ਰਾਤ ਨੂੰ ਸੜਕ ਹਾਦਸੇ ‘ਚ ਜਾਨ ਚਲੀ ਗਈ ਸੀ |