ਪਟਿਆਲਾ, 03 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਸਿਹਤ ਵਿਭਾਗ ਅਤੇ ਨਿਆਂ ਵਿਭਾਗ ‘ਚ ਨਵ-ਨਿਯੁਕਤ 485 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ (Government jobs) ਸੌਂਪੇ ਹਨ | ਸੀਐੱਮ ਮਾਨ ਨੇ ਕਿਹਾ ਕਿ 32 ਮਹੀਨਿਆਂ ‘ਚ ਲਗਭੱਗ 50,000 ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ‘ਚ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਸੀਐੱਮ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇ ਜਾਣਗੇ, ਤਾਂ ਜੋ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਸਰਗਰਮ ਭਾਗੀਦਾਰ ਬਣ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇਣ ਦੇ ਨਾਲ-ਨਾਲ ਉਨ੍ਹਾਂ ਨੌਜਵਾਨਾਂ ਦੇ ਵੀ ਹੱਲ ਲੱਭੇ ਜਾ ਰਹੇ ਹਨ, ਜੋ ਸੰਘਰਸ਼ ਕਰਦੇ ਹੋਏ ਉਮਰ ਦੀ ਹੱਦ ਪਾਰ ਕਰ ਚੁੱਕੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ‘ਚ ਆਪਣੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਯਤਨ ਕਰਨ। ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50 ਹਜ਼ਾਰ ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ (Government jobs) ਲਈ ਚੁਣੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪ੍ਰਕਿਰਿਆ ਅਪਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰਾਪਤੀਆਂ ‘ਤੇ ਹੰਕਾਰ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਵੱਡੀ ਸਫਲਤਾ ਲਈ ਸਖ਼ਤ ਮਿਹਨਤ ਕਰਨ।
ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐੱਸ.ਏ.ਐੱਸ. ਨਗਰ (ਮੋਹਾਲੀ ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ‘ਚ ਬਣ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ‘ਚ ਮੈਡੀਕਲ ਸਿੱਖਿਆ ਦਾ ਮੁੱਖ ਕੇਂਦਰ ਬਣਾਉਣਾ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਕਾਨਵੈਂਟ ਸਕੂਲ ਪੜ੍ਹਿਆ-ਲਿਖਿਆ ਸਿਆਸੀ ਆਗੂ ਹੈ, ਜਿਸ ਨੂੰ ਸੂਬੇ ਦੀ ਭੂਗੋਲਿਕ ਸਥਿਤੀ ਦਾ ਕੋਈ ਗਿਆਨ ਨਹੀਂ ਹੈ ਪਰ ਸੱਤਾ ਹਾਸਲ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਰਿਕਾਰਡ ਹਮੇਸ਼ਾ ਹੀ ਸਵਾਲਾਂ ਦੇ ਘੇਰੇ ‘ਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਦਾ ਪਰਿਵਾਰ ਹਮੇਸ਼ਾ ਰਾਜ ਵਿਰੋਧੀ ਤਾਕਤਾਂ ਨਾਲ ਖੜ੍ਹ ਕੇ ਪੰਜਾਬ ਨਾਲ ਧੋਖਾ ਕਰਦਾ ਰਿਹਾ ਹੈ, ਚਾਹੇ ਉਹ ਮੁਗਲ ਹੋਵੇ, ਅੰਗਰੇਜ਼ ਹੋਵੇ ਜਾਂ ਹੁਣ ਭਾਜਪਾ | ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਘਟਨਾ ਜਾਂ ਸਥਾਨ ਨਾਲ ਆਪਣੇ ਆਪ ਨੂੰ ਜੋੜ ਸਕਦੇ ਹਨ।