Site icon TheUnmute.com

ਪੰਜਾਬ ਸਰਕਾਰ ਨੇ ਇਕ ਸਾਲ ’ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਮ ਸ਼ੰਕਰ ਜਿੰਪਾ

Brahm Shankar

ਹੁਸ਼ਿਆਰਪੁਰ, 14 ਮਾਰਚ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਸੀ, ਜਿਸ ਦਾ ਨਤੀਜਾ ਇਹ ਹੈ ਕਿ ਇਕ ਸਾਲ ਵਿਚ ਪੰਜਾਬ ਸਰਕਾਰ ਨੇ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।

ਉਹ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਰੁਜ਼ਗਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਰੁਜ਼ਗਾਰ ਬਿਊਰੋ ਵਿਚ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਆਯੋਜਿਤ ਰੁਜ਼ਗਾਰ ਮੇਲੇ ਵਿਚ ਅੱਜ 400 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ ਅਤੇ 175 ਦੇ ਕਰੀਬ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਿਚ ਚੋਣ ਹੋਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਪਨੀਆਂ ਤੇ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਉਸ ਵਿਚ ਸੋਨਾਲੀਕਾ, ਕੋਕਾ ਕੋਲਾ, ਰਿਲਾਇੰਸ ਇੰਡਸਟਰੀ, ਸੈਂਚੂਰੀ ਪਲਾਈਵੁੱਡ, ਊਸ਼ਾ ਮਾਰਟਿਨ, ਐਲ.ਪੀ.ਯੂ, ਗਿਆਨਮ ਇੰਸਟੀਚਿਊਟ, ਹੁਸ਼ਿਆਰਪੁਰ ਆਟੋਮੋਬਾਇਲ, ਆਈ.ਸੀ.ਆਈ.ਸੀ.ਆਈ ਬੈਂਕ ਆਦਿ ਸ਼ਾਮਿਲ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਦੀ ਪੈਂਡਿੰਗ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਪੂਰਾ ਕਰਵਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ ਗਿਆ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਰੁਜ਼ਗਾਰ ਮੇਲੇ ਕਰਵਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਹੀ ਪ੍ਰਮੁੱਖ ਸੰਸਥਾਵਾਂ ਵਿਚ ਬਿਹਤਰ ਰੁਜ਼ਗਾਰ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਰੁਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ, ਮੋਹਿੰਦਰ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Exit mobile version