Voluntary Disclosure Scheme

ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ

ਚੰਡੀਗੜ 20 ਸਤੰਬਰ 2022: ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (Voluntary Disclosure Scheme) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Scroll to Top