Site icon TheUnmute.com

Scholarship: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਜਾਰੀ

Post Matric Scholarship Scheme Punjab

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਤਹਿਤ ਸਰਕਾਰੀ ਅਦਾਰਿਆਂ ਲਈ ਸਾਲ 2024-25 ਦੇ ਬਜਟ ਉਪਬੰਧ ‘ਚੋਂ 92 ਕਰੋੜ ਰੁਪਏ ਜਾਰੀ ਕੀਤੇ ਹਨ |

ਪੰਜਾਬ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੇ ਬਕਾਏ ਦੀ ਅਦਾਇਗੀ ਲਈ ਸਾਲ 2023-24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਸਨ। ਹੁਣ ਮੌਜੂਦਾ ਬਕਾਇਆ ਰਾਸ਼ੀ ਨੂੰ ਕਲੀਅਰ ਕਰਨ ਲਈ ਸਰਕਾਰੀ ਅਦਾਰਿਆਂ ਨੂੰ 92 ਕਰੋੜ ਰੁਪਏ ਜਾਰੀ ਕੀਤੇ ਹਨ |

ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ (Post Matric Scholarship Scheme) ਤਹਿਤ ਉਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਿੱਖਿਆ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ ਜੋ ਪੰਜਾਬ ਦੇ ਸਰਕਾਰੀ ਅਦਾਰਿਆਂ ‘ਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਸੂਬਿਆਂ ਦੀਆਂ ਸੰਸਥਾਵਾਂ ‘ਚ ਦਾਖਲਾ ਲਿਆ ਹੈ। ਇਹ ਰਕਮ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ‘ਚ ਮੱਦਦਗਾਰ ਸਾਬਤ ਹੋਵੇਗੀ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਜਾਰੀ ਕਰਨ ਅਤੇ ਇਸ ਦੀ ਸਹੀ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਮੈਨੇਜਮੈਂਟ ਵਿਭਾਗ ਨੂੰ ਦਿੱਤੀ ਹੈ। ਇਸ ਰਾਸ਼ੀ ਦੀ ਸਹੀ ਵਰਤੋਂ ਲਈ ਇਹ ਵਿਭਾਗ ਜ਼ਿੰਮੇਵਾਰ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਤਬਦੀਲੀ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਨਾ ਹੋਵੇ।

Exit mobile version