Site icon TheUnmute.com

ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ: ਜਿੰਪਾ

ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ

ਚੰਡੀਗੜ੍ਹ, 26 ਫਰਵਰੀ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਟੂਟੀ/ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।

ਪੰਜਾਬ ਪੂਰੇ ਦੇਸ਼ ਵਿਚੋਂ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਪੰਜਵਾਂ ਸੂਬਾ ਬਣ ਗਿਆ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਪਿੰਡਾਂ ਤੋਂ ਸਰਕਾਰ ਚੱਲਣ ਦਾ ਜੋ ਅਹਿਦ ਲਿਆ ਸੀ ਉਸ ‘ਤੇ ਖਰਾ ਉਤਰਦਿਆਂ ਪਿੰਡ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਸ਼ੁਰੂਆਤ ਉਨ੍ਹਾਂ ਦੇ ਘਰਾਂ ਤੋਂ ਹੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਸਭ ਤੋਂ ਅਹਿਮ ਸਾਫ ਪਾਣੀ ਦੀ ਸਹੂਲਤ ਦੇਣ ਵਿਚ ਪੰਜਾਬ ਸਰਕਾਰ ਨੇ ਕੌਮੀ ਪੱਧਰ ‘ਤੇ ਨਾਮਣਾ ਘੱਟ ਕੇ ਸਿੱਧ ਕਰ ਦਿੱਤਾ ਹੈ ਕਿ ਸਿਰਫ 11 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੇ ਸਾਰਥਕ ਯਤਨ ਕੀਤੇ ਜਾਣਗੇ।

ਕਾਬਿਲੇਗੌਰ ਹੈ ਕਿ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੂਰਾ ਕਰ ਲਿਆ ਹੈ ਜਦਕਿ ਕੌਮੀ ਟੀਚਾ ਸਾਲ 2024 ਤੱਕ ਪੂਰਾ ਕਰਨ ਦਾ ਹੈ। ਪੰਜਾਬ ਦੀ ਇਸ ਪ੍ਰਾਪਤੀ ਲਈ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਹੋਰ ਜ਼ਿਆਦਾ ਲਗਨ ਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਅਤੇ ਸੈਨੀਟੇਸ਼ਨ ਸੁਵਿਧਾਵਾਂ ਦੇਣ ਲਈ ਵਿਭਾਗ ਦਾ ਹਰ ਅਧਿਕਾਰੀ ਤੇ ਕਰਮਚਾਰੀ ਦਿਨ-ਰਾਤ ਸਖਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਹਰ ਕੋਈ ਹੋਰ ਲਗਨ ਤੇ ਸਮਰਪਣ ਨਾਲ ਕੰਮ ਕਰੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਵੱਛ ਸਰਵੇਖਣ ਗ੍ਰਾਮੀਣ 2022 ਵਿਚ ਉੱਤਰੀ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਇਨਾਮ ਤਹਿਤ ਭਾਰਤ ਸਰਕਾਰ ਨੇ ਸੂਬੇ ਨੂੰ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

ਇਸ ਸਰਵੇਖਣ ਵਿਚ ਇਸ ਤੋਂ ਇਲਾਵਾ ਵੀ ਪੰਜਾਬ ਨੇ 3 ਹੋਰ ਐਵਾਰਡ ਹਾਸਲ ਕੀਤੇ ਸਨ ਜਿਨ੍ਹਾਂ ਵਿਚ ਬਾਇਓਗ੍ਰੇਡੇਬਲ ਕੂੜਾ ਪ੍ਰਬੰਧਨ ਤਹਿਤ ਬਣਾਈ ਵਾਲ ਪੇਂਟਿੰਗ ਲਈ ਪਹਿਲਾ ਇਨਾਮ ਜਦਕਿ ਪਲਾਸਟਿਕ ਕੂੜੇ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਤੀਜਾ ਸਥਾਨ ਹਾਸਲ ਕੀਤਾ।

Exit mobile version