ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਉੱਚ ਪੱਧਰੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ 2025: ਨੌਵੇਂ ਪਾਤਸ਼ਾਹੀ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ, ਪੰਜਾਬ ਸਰਕਾਰ (punjab government) ਨੇ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਪ੍ਰੋਗਰਾਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਬੰਧੀ  ਵਿਰਾਸਤ-ਏ-ਖਾਲਸਾ ਵਿਖੇ ਹੋਈ ਪਹਿਲੀ ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (ਵਿਧਾਇਕ, ਸ੍ਰੀ ਅਨੰਦਪੁਰ ਸਾਹਿਬ), ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਕੈਬਨਿਟ ਮੰਤਰੀ  ਤਰੁਣਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਆਯੋਜਿਤ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੋਂ ਬਾਅਦ ਧਾਰਮਿਕ ਪ੍ਰੋਗਰਾਮਾਂ ਤੋਂ ਬਾਅਦ ਇਹ ਯਾਤਰਾ ਦਿੱਲੀ ਲਈ ਰਵਾਨਾ ਹੋਵੇਗੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰਦਾਸਪੁਰ ਤੋਂ ਮਾਝਾ-ਦੋਆਬਾ ਯਾਤਰਾ, ਮਾਲਵੇ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ, ਜੋ ਕਿ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਇਨ੍ਹਾਂ ਯਾਤਰਾਵਾਂ ਵਿੱਚ, “ਮਸ਼ਾਲ-ਏ-ਸ਼ਹਾਦਤ”, ਗੁਰੂ ਸਾਹਿਬ ਦੀ ਜੀਵਨੀ ਅਤੇ ਸ਼ਹਾਦਤ ਨਾਲ ਸਬੰਧਤ ਲਾਇਬ੍ਰੇਰੀ, ਗਤਕਾ, ਪੰਜ ਨਿਸ਼ਾਨਚੀ, ਪੰਜ ਪਿਆਰੇ, ਕੀਰਤਨੀ ਜਥਾ, ਕਸ਼ਮੀਰੀ ਪੰਡਿਤ ਅਤੇ ਕਸ਼ਮੀਰੀ ਪ੍ਰਤੀਨਿਧੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਵੀ ਧਾਰਮਿਕ ਯਾਤਰਾ ਵਿੱਚ ਹਿੱਸਾ ਲੈਣਗੇ।

Read More: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ‘ਚ 3.50 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

Scroll to Top