ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਸਰਕਾਰ ਨੇ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ‘ਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।
ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ।
ਪੰਜਾਬ ਸਰਕਾਰ ਮੁਤਾਬਕ ਮਨਜ਼ੂਰ ਕੀਤੀ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। “ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਮੁਤਾਬਕ ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜ਼ਾਹਿਰ ਨਹੀਂ ਕੀਤੀ ਜਾਵੇਗੀ।
‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ।
ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ, ਜਿਸ ‘ਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮੱਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੂਬੇ ‘ਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ‘ਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ।
ਪੰਜਾਬ ਪੁਲਿਸ ਨੇ ਹਾਲ ਹੀ ‘ਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ | ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ। ਇਸ ਤੋਂ ਇਲਾਵਾ 851 ਐਲਾਨੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ |
Read More: ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਮਿਲੇਗੀ ਵੱਡੀ ਰਾਹਤ: ਸੰਜੀਵ ਅਰੋੜਾ




