Site icon TheUnmute.com

ਪੰਜਾਬ ਸਰਕਾਰ ਸੂਬੇ ‘ਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਮੁੱਖ ਮੰਤਰੀ

ਪੰਜਾਬ

ਜਲੰਧਰ, 18 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ।

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਜਲੰਧਰ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ ‘ਤੇ ਆਧਾਰਤ ਕੂੜ ਪ੍ਰਚਾਰ ‘ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Exit mobile version