ਜਲੰਧਰ, 16 ਅਕਤੂਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਸਬੰਧੀ ਜਲੰਧਰ ‘ਚ ਸ਼ੋਭਾ ਯਾਤਰਾ ‘ਚ ਸ਼ਿਰਕਤ ਕੀਤੀ | ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸ਼ੁੱਭ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ‘ਤੇ ਚੱਲਣ ਦੀ ਅਪੀਲ ਕੀਤੀ ਗਈ ਹੈ ।
ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ‘ਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਪਹਿਲੇ ਕਵੀ ਹਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਨੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਿਉਣ ਦਾ ਸਬਕ ਸਿਖਾਉਂਦਾ ਆ ਰਿਹਾ ਹੈ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੋਸ਼ਨੀ ਹੈ, ਜੋ ਅੱਜ ਦੇ ਪਦਾਰਥਵਾਦੀ ਸਮਾਜ ‘ਚ ਵਧੇਰੇ ਪ੍ਰਸੰਗਿਕ ਹੈ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਵਿੱਚ ਬਰਾਬਰਤਾ ਦਾ ਵਰਨਣ ਕੀਤਾ ਹੈ ਅਤੇ ਰਾਜ ਜਾਂ ਸਮਾਜ ਨੂੰ ਆਦਰਸ਼ ਬਣਾਉਣ ਲਈ ਵਿਅਕਤੀਆਂ, ਹਾਕਮਾਂ ਅਤੇ ਜਨਤਾ ਨੂੰ ਕਿਸ ਤਰ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਲਈ ਪਹਿਲਾਂ ਹੀ ਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਹਿਲਾਂ ਹੀ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਤਾਂ ਕਿ ਇਸ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ‘ਚ ਲੈ ਕੇ ਇਕ ਵਿਹਾਰਕ ਢਾਂਚਾ ਬਣਾਇਆ ਜਾਵੇ। ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ।