ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ, ਰੁਜ਼ਗਾਰ ਦੇਣ ਦੇ ਖੇਤਰ ‘ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ ਦੇ ਇਹ ਕਾਰਜ ਅੱਗੇ ਵੀ ਜਾਰੀ ਰਹਿਣਗੇ।
ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 263 ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ ‘ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ/ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।