July 2, 2024 9:28 pm
Health

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ (Health) ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ‘ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ (Health) ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।