ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਤੇ ਅਨਾਥ ਬੱਚਿਆਂ ਨੂੰ ਮਿਲ ਰਹੀ 4000 ਰੁਪਏ ਮਹੀਨਾ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਅਗਸਤ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਪਾਂਸਰਸ਼ਿਪ ਸਕੀਮ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਪ੍ਰਤੀ ਬੱਚਾ 4000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ਉਨ੍ਹਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਵਿੱਤੀ ਮੁਸ਼ਕਿਲ ਕਾਰਨ ਉਨ੍ਹਾਂ ਦੀ ਦੇਖਭਾਲ ਨਹੀਂ ਕਰ ਸਕਦੇ ਜਾਂ ਉਹ ਅਨਾਥ ਬੱਚੇ ਹਨ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਹਾਇਤਾ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚੇ ਇਸ ਯੋਜਨਾ ਦਾ ਲਾਭ ਉਠਾ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਰਕਾਰ ਦਾ ਬੱਚਿਆਂ ਨੂੰ ਉੱਜਵਲ ਭਵਿੱਖ ਦੇਣ ਦਾ ਯਤਨ ਹੈ। ਇਸ ਨਾਲ ਬੱਚੇ ਨਾ ਸਿਰਫ਼ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਸਗੋਂ ਆਪਣੇ ਸੁਪਨਿਆਂ ਨੂੰ ਪੂਰਾ ਵੀ ਕਰ ਸਕਦੇ ਹਨ ਅਤੇ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਹੋ ਸਕਦੇ ਹਨ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਆਤਮਨਿਰਭਰ ਬਣੇ ਅਤੇ ਇੱਕ ਚੰਗਾ ਨਾਗਰਿਕ ਬਣ ਕੇ ਸਮਾਜ ਅਤੇ ਰਾਜ ਦੀ ਤਰੱਕੀ ‘ਚ ਯੋਗਦਾਨ ਪਾਵੇ।

Read More: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ 11 ਹਜ਼ਾਰ ਰੁਪਏ ਪੈਨਸ਼ਨ: ਮੋਹਿੰਦਰ ਭਗਤ

Scroll to Top