ਲੁਧਿਆਣਾ, 18 ਮਾਰਚ 2025: ਸੂਬੇ ‘ਚ ਨਸ਼ਿਆਂ ਵਿਰੁੱਧ ਇੱਕ ਵਿਆਪਕ ਲੜਾਈ ਸ਼ੁਰੂ ਕਰਦੇ ਹੋਏ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1 ਅਪ੍ਰੈਲ ਤੋਂ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ |
ਲੁਧਿਆਣਾ ਦੇ ਇਨਡੋਰ ਸਟੇਡੀਅਮ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 1 ਅਪ੍ਰੈਲ ਤੋਂ ਤਿੰਨ ਕਰੋੜ ਪੰਜਾਬੀ ਕੁਝ ਨਸ਼ਾ ਤਸਕਰਾਂ ਨੂੰ ਭਜਾਉਣ ਲਈ ਮੈਦਾਨ ‘ਚ ਉਤਰਨਗੇ ਜੋ ਪੈਸੇ ਦੇ ਲਾਲਚ ‘ਚ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਰਹੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ 1 ਅਪ੍ਰੈਲ ਤੋਂ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਲੋਕ ਲਹਿਰ ਸ਼ੁਰੂ ਕਰੇਗੀ ਅਤੇ ਹਰ ਪੰਜਾਬੀ ਨੂੰ ਇਸ ਜੰਗ ‘ਚ ਇੱਕ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਹਰ ਪਿੰਡ ‘ਚ ਜਾਵੇਗਾ ਅਤੇ ਨਸ਼ੇ ਦੇ ਖਾਤਮੇ ਲਈ ਫੈਸਲਾਕੁੰਨ ਲੜਾਈ ਹੋਵੇਗੀ।
ਕੇਜਰੀਵਾਲ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ (Anti-Drug Helpline Number) 9779100200 ਜਾਰੀ ਕੀਤਾ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਇਸ ਨੰਬਰ ‘ਤੇ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੂਰੇ ਸੂਬੇ ‘ਚ ਨਸ਼ੇ ਦੀ ਸਥਿਤੀ ਦੀ ਅਸਲੀਅਤ ਜਾਣਨ ਲਈ ਇੱਕ ਜਨਗਣਨਾ ਕੀਤੀ ਜਾਵੇਗੀ। ਇਸ ਤਹਿਤ ਟੀਮਾਂ ਘਰ-ਘਰ ਜਾ ਕੇ ਨਸ਼ੇ ਦੀ ਅਸਲ ਸਥਿਤੀ ਦਾ ਪਤਾ ਲਗਾਉਣਗੀਆਂ ਅਤੇ ਪੀੜਤਾਂ ਦੀ ਪਛਾਣ ਗੁਪਤ ਰੱਖਦੇ ਹੋਏ ਉਨ੍ਹਾਂ ਦੇ ਸੁਧਾਰ ਲਈ ਕਦਮ ਚੁੱਕੇ ਜਾਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਇਹ ਪਹਿਲ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਬਦਲਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਏਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 5,000 ਨਵੇਂ ਹੋਮ ਗਾਰਡ ਭਰਤੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਹਰ ਪੱਧਰ ‘ਤੇ ਇੱਕ ਠੋਸ ਰਣਨੀਤੀ ਬਣਾਈ ਹੈ ਅਤੇ ਹੁਣ ਇਸਨੂੰ ਲਾਗੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀ ਆਪਣੀ ਸੱਤਾ ਦੀ ਲਾਲਸਾ ਲਈ ਨਸ਼ਿਆਂ ਨੂੰ ਸਰਪ੍ਰਸਤੀ ਦੇ ਰਹੇ ਸਨ ਅਤੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਸੌਦਾਗਰਾਂ ਅਤੇ ਇੱਥੋਂ ਤੱਕ ਕਿ ਜਿਹੜੇ ਕਦੇ ਸੂਬੇ ਦੇ ਸ਼ਕਤੀਸ਼ਾਲੀ ਮੰਤਰੀ ਸਨ ਅਤੇ ਇਸ ਘਿਨਾਉਣੇ ਅਪਰਾਧ ‘ਚ ਸ਼ਾਮਲ ਸਨ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਵੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰੇਗੀ ਕਿਉਂਕਿ 70 ਪ੍ਰਤੀਸ਼ਤ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਸਪਲਾਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਡਰੋਂ, ਦੇਸ਼ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹੋ ਰਹੇ ਗ੍ਰਨੇਡ ਹਮਲੇ ਇਸੇ ਸਾਜ਼ਿਸ਼ ਦਾ ਹਿੱਸਾ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਸੂਬੇ ਦੀਆਂ ਦੁਸ਼ਮਣ ਹਨ।
ਕੇਜਰੀਵਾਲ ਨੇ ਕਿਹਾ ਕਿ ਇਸ ਸਿਵਲ ਹਸਪਤਾਲ ‘ਚ 30,000 ਤੋਂ ਵੱਧ ਚੂਹੇ ਸਨ ਪਰ ਹੁਣ ਸੂਬਾ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਉੱਚ ਪੱਧਰ ‘ਤੇ ਲਿਜਾਣ ਲਈ ਇੱਕ ਵੱਡੀ ਸਿਹਤ ਕ੍ਰਾਂਤੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ ‘ਚ ਜ਼ਮੀਨ ਰਜਿਸਟਰੀ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਆਪਕ ਸੁਧਾਰਾਂ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਸਾਰੀਆਂ ਜਨਤਕ ਸੇਵਾਵਾਂ ਆਮ ਆਦਮੀ ਦੇ ਦਰਵਾਜ਼ੇ ‘ਤੇ ਪਹੁੰਚਾਈਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਕੋਲ ਆਯੁਸ਼ਮਾਨ ਕਾਰਡ ਨਹੀਂ ਹਨ, ਉਨ੍ਹਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਲਈ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ‘ਚ ਲੋਕ ਭਲਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
Read More: ਸਰਕਾਰੀ ਜ਼ਮੀਨ ‘ਤੇ ਨਜ਼ਾਇਜ ਉਸਾਰੀਆਂ ਕਰਨ ਵਾਲਿਆਂ ਖਿਲਾਫ਼ ਕਾਰਵਾਈ ਜਾਰੀ ਰਹੇਗੀ: SDM ਚਰਨਜੋਤ ਸਿੰਘ ਵਾਲੀਆ