ਚੰਡੀਗੜ੍ਹ, 25 ਫਰਵਰੀ 2025: ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ੇ ਦੀ ਲਾਹਨਤ ਤੋਂ ਮੁਕਤ ਕਰਨ ਲਈ ਆਉਣ ਵਾਲੇ ਦਿਨਾਂ ‘ਚ ਨਸ਼ੇ ਵਿਰੁੱਧ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਸਕੱਤਰ ਨੇ ਪੱਤਰ ਰਾਹੀਂ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਿਹਾ ਹੈ।
ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪੁਨਰਵਾਸ ਅਤੇ ਨਸ਼ਾ ਛੁਡਾਊ ਕੇਂਦਰ ਲੋੜੀਂਦੇ ਉਪਕਰਣਾਂ ਅਤੇ ਦਵਾਈਆਂ ਨਾਲ ਲੈਸ ਹੋਣ, ਜਿਸ ‘ਚ ਬੁਪ੍ਰੇਨੋਰਫਾਈਨ, ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ।
ਇਸਦੇ ਨਾਲ ਹੀ ਮੁੱਖ ਸਕੱਤਰ ਨੇ ਹਦਾਇਤ ਕੀਤੀ ਹੈ ਕਿ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ ‘ਚ ਇੱਕ ਠੋਸ ਯੋਜਨਾ ਦੇ ਨਾਲ ਤਿਆਰ ਰਹੇ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਸਬੰਧ ‘ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਸਖ਼ਤ ਅਨੁਸ਼ਾਸਨੀ ਕਾਰਵਾਈ ਨੂੰ ਸੱਦਾ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੂਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।
ਇਸ ਸਮੇਂ ਦੌਰਾਨ, ਆਈਏਐਸ ਅਧਿਕਾਰੀ ਸੰਦੀਪ ਕੁਮਾਰ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਕਮੀ-ਪੇਸ਼ੀ ਦੀ ਸਿੱਧੀ ਰਿਪੋਰਟ ਦੇਣਗੇ।
Read More: Punjab News: ਨਸ਼ੇ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਬਣਾ ਰਹੀ ਹੈ ਨਵੀਂ ਨੀਤੀ